ਚੰਡੀਗੜ੍ਹ: ਮਾਨਸੂਨ ਦੇ ਮੌਸਮ ਦੌਰਾਨ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਨੇ ਸੂਬਾ-ਪੱਧਰੀ ਵਿਸ਼ਾਲ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਮਾਨਸੂਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਦੀ ਸਫ਼ਾਈ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਇਸ ਅਭਿਆਨ ਤਹਿਤ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਦੀ ਸਫ਼ਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਉਹਨਾਂ 1,400 ਸਥਾਨਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਬਰਸਾਤ ਦੌਰਾਨ ਸੀਵਰੇਜ ਜਾਮ ਹੋਣ ਜਾਂ ਓਵਰਫਲੋਅ ਦੀ ਸਮੱਸਿਆ ਸਾਹਮਣੇ ਆਉਂਦੀ ਰਹੀ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਟੀਚਾ ਰੱਖਿਆ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਕਸਬੇ ਵਿੱਚ ਸੀਵਰੇਜ ਓਵਰਫਲੋਅ ਦੀ ਸਮੱਸਿਆ ਨਾ ਆਵੇ। ਇਸ ਲਈ ਵਿਭਾਗ ਵੱਲੋਂ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ, ਪਟਿਆਲਾ, ਲੁਧਿਆਣਾ, ਬਠਿੰਡਾ, ਮੋਹਾਲੀ, ਜ਼ੀਰਕਪੁਰ, ਖਰੜ, ਧੂਰੀ, ਕੋਟਕਪੂਰਾ ਅਤੇ ਨੰਗਲ ਸਮੇਤ ਕਈ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾਵੇਗੀ। ਕੁਝ ਇਲਾਕਿਆਂ ਵਿੱਚ ਇਹ ਕੰਮ ਪਹਿਲੀ ਵਾਰ ਕੀਤਾ ਜਾ ਰਿਹਾ ਹੈ।
ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਵਿਭਾਗ ਦੇ ਜੇ.ਈ. ਅਤੇ ਹੋਰ ਤਕਨੀਕੀ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ ਸਮਰੱਥਾ ਵਾਲੇ ਜੈਟਿੰਗ ਉਪਕਰਣ ਤਾਇਨਾਤ ਕੀਤੇ ਗਏ ਹਨ। ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਲਈ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਵੀ ਸਥਾਪਤ ਕੀਤੇ ਜਾ ਰਹੇ ਹਨ।
ਲੁਧਿਆਣਾ ਦੇ ਭੱਟੀਆਂ ਇਲਾਕੇ ਦੀ ਇੱਕ ਮਿਸਾਲ ਸਾਂਝੀ ਕਰਦਿਆਂ ਬੈਂਸ ਨੇ ਦੱਸਿਆ ਕਿ ਸਫ਼ਾਈ ਦੌਰਾਨ ਇੱਕ ਸੀਵਰ ਲਾਈਨ ਕੰਕਰੀਟ ਨਾਲ ਪੂਰੀ ਤਰ੍ਹਾਂ ਬੰਦ ਮਿਲੀ, ਜੋ ਛੇ ਸਾਲਾਂ ਤੋਂ ਜਾਮ ਪਈ ਸੀ ਅਤੇ ਸਥਾਨਕ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਸੀ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਉਹ ਖੁਦ ਫੀਲਡ ਵਿੱਚ ਰਹਿ ਕੇ ਕੰਮ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਵਿਧਾਇਕਾਂ ਅਤੇ ਨਗਰ ਕੌਂਸਲਰਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਮਾਨਸੂਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।



