*ਬਾਜਵਾ ਕਲੋਨੀ ‘ਚ 36 ਲੱਖ ਤੇ ਲੇਬਰ ਚੌਂਕ ਵਿੱਚ ਇੱਕ ਕਰੋੜ ਦੇ ਨਿਰਮਾਣ ਕਾਰਜ ਸ਼ੁਰੂ – ਡਾ ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਪਟਿਆਲਾ ‘ ਚ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ ਤੇ ਗਲੀਆਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ
ਪਟਿਆਲਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ .ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਹਨਾਂ ਦੇ ਨਾਲ ਇੰਪਰੁਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਐਸ.ਐਸ.ਟੀ. ਨਗਰ ਛੋਟੀ ਮਸਜਿਦ ਨੇੜੇ 20 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਓਹਨਾ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ, ਜਿਸ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ।
ਇਸ ਤੋਂ ਇਲਾਵਾ ਡਾ ਬਲਬੀਰ ਸਿੰਘ ਨੇ ਬਾਜਵਾ ਕਲੋਨੀ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਓਹਨਾ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਇਲਾਕੇ ਦੀਆਂ ਗਲੀਆਂ ਅਤੇ ਸੜਕਾਂ ਦੀ ਹਾਲਤ ਵਿੱਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਆਵਾਜਾਈ ਲਈ ਸੁਵਿਧਾਜਨਕ ਅਤੇ ਸਾਫ਼-ਸੁਥਰਾ ਵਾਤਾਵਰਣ ਮਿਲੇਗਾ। ਸਥਾਨਕ ਨਿਵਾਸੀਆਂ ਨੇ ਇਸ ਪ੍ਰੋਜੈਕਟ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਇਲਾਕੇ ਦੀ ਦਿੱਖ ਅਤੇ ਸਹੂਲਤਾਂ ਵਿੱਚ ਵੱਡਾ ਬਦਲਾਅ ਲਿਆਏਗਾ।
ਸਿਹਤ ਮੰਤਰੀ ਨੇ ਵਾਰਡ ਨੰਬਰ 11 ਦੇ ਲੇਬਰ ਚੌਂਕ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਓਹਨਾ ਕਿਹਾ ਕਿ ਇਹ ਸੜਕ ਬਣਨ ਨਾਲ ਇਲਾਕੇ ਵਿੱਚ ਆਵਾਜਾਈ ਨੂੰ ਹੋਰ ਸੁਗਮ ਬਣਾਇਆ ਜਾਵੇਗਾ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸੜਕ ਨਿਰਮਾਣ ਨਾਲ ਇਲਾਕੇ ਦੀ ਬੁਨਿਆਦੀ ਢਾਂਚਾਗਤ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਵਚਨਬੱਧ ਹੈ। ਲੋਕਾਂ ਦੀਆਂ ਜ਼ਰੂਰਤਾਂ ਅਤੇ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਖੇਤਰ ਨੂੰ ਵਿਕਾਸ ਤੋਂ ਵਾਂਝਾ ਨਾ ਰਹਿਣਾ ਪਵੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਰ ਇਲਾਕੇ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਇਸੇ ਲਈ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ, ਗਲੀਆਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਲਗਾਤਾਰ ਜਾਰੀ ਹਨ।
ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।









