ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 5.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ।
ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਹਾਲਾਂਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਫਿਲਹਾਲ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ 6, 7 ਅਤੇ 10 ਜੂਨ ਨੂੰ ਵੀ ਕੁਝ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਗਰਮੀ ਮੁੜ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਬਿਜਲੀ ਚਮਕਣ ਸਮੇਂ ਖੁੱਲ੍ਹੇ ਖੇਤਰਾਂ ਤੋਂ ਦੂਰ ਰਹਿਣ ਅਤੇ ਲੋੜ ਪੈਣ ’ਤੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਹੈ।



