Home Patiala Updates ਏਡੀਸੀ ਅਨੁਪ੍ਰਿਤਾ ਜੌਹਲ ਨੇ ਸੁਣੀਆਂ ਕਿਸਾਨਾਂ ਦੀਆਂ ਮੰਗਾਂ 

ਏਡੀਸੀ ਅਨੁਪ੍ਰਿਤਾ ਜੌਹਲ ਨੇ ਸੁਣੀਆਂ ਕਿਸਾਨਾਂ ਦੀਆਂ ਮੰਗਾਂ 

0
19
 *ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ*
ਪਟਿਆਲਾ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ, ਚੋਰੀਆਂ ਦੀਆਂ ਘਟਨਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਆਪਣੀਆਂ ਮੰਗਾਂ ਪ੍ਰਸ਼ਾਸਨ ਸਾਹਮਣੇ ਰੱਖੀਆਂ।
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੇਸ਼ ਕੀਤੇ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੈ ਅਤੇ ਕਿਸਾਨਾਂ ਸਮੇਤ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ।
ਏਡੀਸੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ, ਬਿਜਲੀ, ਸਿੰਚਾਈ, ਪੇਂਡੂ ਵਿਕਾਸ ਅਤੇ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਦੀ ਤੁਰੰਤ ਜਾਂਚ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਸਮੱਸਿਆਵਾਂ ਹਨ, ਉਨ੍ਹਾਂ ਦੇ ਹੱਲ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ, ਬਿਜਲੀ ਢਾਂਚੇ ਦੀ ਮਜ਼ਬੂਤੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਸਹੂਲਤਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪਹਿਲਾਂ ਹੀ ਯਤਨਸ਼ੀਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ।
ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਵੱਲੋਂ ਮੁੱਦਿਆਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਰਵੱਈਆ ਅਪਣਾਉਣ ਦੀ ਸ਼ਲਾਘਾ ਕੀਤੀ। ਏਡੀਸੀ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਹਰ ਸੰਭਵ ਕਦਮ ਚੁੱਕੇਗਾ ਅਤੇ ਸਬੰਧਤ ਵਿਭਾਗਾਂ ਰਾਹੀਂ ਮਸਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here