ਚੰਡੀਗੜ੍ਹ: ਹਰਿਆਣਾ ਅਤੇ ਚੰਡੀਗੜ੍ਹ ਦੇ ਸਰਕਾਰੀ ਵਿਭਾਗਾਂ ਨਾਲ ਜੁੜੇ ਕਥਿਤ 645 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੀ ਜਾਂਚ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕਰਦਿਆਂ ਕਈ ਸੀਨੀਅਰ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ IDFC ਫਸਟ ਬੈਂਕ ਅਤੇ ਇੱਕ ਹੋਰ ਨਿੱਜੀ ਬੈਂਕ ਨਾਲ ਜੁੜੀਆਂ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਸਬੰਧੀ ਕੀਤੀ ਗਈ।
ਸੀਬੀਆਈ ਦੀਆਂ ਟੀਮਾਂ ਨੇ ਦੇਰ ਰਾਤ ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਛੇ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ। ਜਾਂਚ ਦੌਰਾਨ ਹਰਿਆਣਾ ਕੈਡਰ ਦੇ IAS ਅਧਿਕਾਰੀਆਂ ਪੰਕਜ ਅਗਰਵਾਲ, ਮੁਹੰਮਦ ਸ਼ਾਇਨ ਅਤੇ ਪ੍ਰਦੀਪ ਕੁਮਾਰ ਦੇ ਨਾਲ-ਨਾਲ ਆਈਐਫਐਸ ਅਧਿਕਾਰੀ ਨਵਨੀਤ ਕੁਮਾਰ ਸ੍ਰੀਵਾਸਤਵ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ।
ਸੂਤਰਾਂ ਅਨੁਸਾਰ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਰਿਕਾਰਡ ਹਾਸਲ ਹੋਏ ਹਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਘੁਟਾਲੇ ਨਾਲ ਸਬੰਧਤ ਨਵੇਂ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੰਚਕੂਲਾ ਦੇ ਡੀਐਲਐਫ ਵੈਲੀ ਇਲਾਕੇ ਵਿੱਚ ਸਥਿਤ ਇੱਕ ਅਧਿਕਾਰੀ ਦੇ ਨਿਵਾਸ ’ਤੇ ਵੀ ਛਾਪਾ ਮਾਰਿਆ ਗਿਆ, ਹਾਲਾਂਕਿ ਉਹ ਮੌਕੇ ’ਤੇ ਮੌਜੂਦ ਨਹੀਂ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਰਿਆਣਾ ਸਰਕਾਰ ਪਹਿਲਾਂ ਹੀ ਦੋ IAS ਅਧਿਕਾਰੀਆਂ ਨੂੰ ਮੁਅੱਤਲ ਕਰ ਚੁੱਕੀ ਹੈ। ਇਸ ਤੋਂ ਇਲਾਵਾ ਰਾਜ ਦੀ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਵੱਲੋਂ ਪਹਿਲਾਂ ਤੋਂ ਜਾਂਚ ਕੀਤੀ ਜਾ ਰਹੀ ਸੀ, ਜਦਕਿ ਇੰਨਫੋਰਸਮੈਂਟ ਡਾਈਰੇਕਟੋਰੇਟ ਮਨੀ ਲਾਂਡਰਿੰਗ ਨਾਲ ਜੁੜੇ ਪਹਿਲੂਆਂ ਦੀ ਵੱਖਰੇ ਤੌਰ ’ਤੇ ਜਾਂਚ ਕਰ ਰਹੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੇ ਹੋਰ ਕੁਝ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਲਈ ਵੀ ਮਨਜ਼ੂਰੀ ਮੰਗੀ ਹੈ। ਜਾਂਚ ਏਜੰਸੀਆਂ ਹੁਣ ਸਰਕਾਰੀ ਫੰਡਾਂ ਦੀ ਵਰਤੋਂ, ਬੈਂਕਿੰਗ ਲੈਣ-ਦੇਣ ਅਤੇ ਸੰਭਾਵਿਤ ਵਿੱਤੀ ਗੜਬੜੀਆਂ ਦੇ ਸਾਰੇ ਪੱਖਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ, ਜਦਕਿ ਜਾਂਚ ਦੇ ਅਗਲੇ ਪੜਾਅ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।









