Home Punjab ਪੰਜਾਬ ‘ਚ ਹੀਟਵੇਵ ਦਾ ਕਹਿਰ, 11 ਜੂਨ ਤੋਂ ਮੌਸਮ ਬਦਲਣ ਦੇ ਆਸਾਰ

ਪੰਜਾਬ ‘ਚ ਹੀਟਵੇਵ ਦਾ ਕਹਿਰ, 11 ਜੂਨ ਤੋਂ ਮੌਸਮ ਬਦਲਣ ਦੇ ਆਸਾਰ

0
18

ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਹੋਇਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਜੂਨ ਮਹੀਨੇ ਲਈ ਇੱਕ ਮਹੱਤਵਪੂਰਨ ਰਿਕਾਰਡ ਮੰਨਿਆ ਜਾ ਰਿਹਾ ਹੈ। ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਤੋਂ 46 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

ਮੌਸਮ ਕੇਂਦਰ ਨੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਹਾਲਾਂਕਿ ਲੋਕਾਂ ਨੂੰ ਜਲਦ ਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 11 ਜੂਨ ਤੋਂ ਪੱਛਮੀ ਗੜਬੜੀ ਅਤੇ ਟ੍ਰਫ ਦੇ ਪ੍ਰਭਾਵ ਕਾਰਨ ਕਈ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਦੂਜੇ ਪਾਸੇ, ਮਾਨਸੂਨ ਹਾਲੇ ਪੰਜਾਬ ਵਿੱਚ ਨਹੀਂ ਪਹੁੰਚਿਆ। ਮੌਸਮ ਮਾਹਿਰਾਂ ਦਾ ਅਨੁਮਾਨ ਹੈ ਕਿ ਜੇਕਰ ਮੌਸਮੀ ਹਾਲਾਤ ਅਨੁਕੂਲ ਰਹੇ ਤਾਂ ਮਾਨਸੂਨ ਜੂਨ ਦੇ ਆਖਰੀ ਹਫ਼ਤੇ ਤੱਕ ਪੰਜਾਬ ਵਿੱਚ ਦਾਖ਼ਲ ਹੋ ਸਕਦਾ ਹੈ।

LEAVE A REPLY

Please enter your comment!
Please enter your name here