ਪੰਜਾਬ: ਬਟਾਲਾ ਇਲਾਕੇ ਵਿੱਚ ਦੇਰ ਸ਼ਾਮ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਦੋਂ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਗੁਰਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ, ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਗੁਰਵਿੰਦਰ ਸਿੰਘ ਆਪਣੇ ਚਾਚਾ ਦੇ ਘਰ ਗਏ ਹੋਏ ਸਨ। ਜਿਵੇਂ ਹੀ ਉਹ ਘਰ ਤੋਂ ਬਾਹਰ ਨਿਕਲੇ, ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਦੌਰਾਨ ਉਨ੍ਹਾਂ ਦੇ ਪੈਰ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ। ਉੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ।
ਇਸ ਮਾਮਲੇ ਸਬੰਧੀ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ।
ਘਟਨਾ ਨੇ ਉਸ ਵੇਲੇ ਹੋਰ ਵੀ ਸਨਸਨੀ ਫੈਲਾ ਦਿੱਤੀ ਜਦੋਂ ਗੈਂਗਸਟਰ ਨਿਸ਼ਾਨ ਜੋੜੀਆਂ ਅਤੇ ਆਦੇਸ਼ ਜਾਮਾਰਾਏ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ। ਹਾਲਾਂਕਿ ਪੁਲਿਸ ਵੱਲੋਂ ਇਸ ਦਾਅਵੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਹਮਲੇ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।









