HomePunjabMansaਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਵਾਂ ਉੱਤੇ ਛਾਪਾਮਾਰੀ

ਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਵਾਂ ਉੱਤੇ ਛਾਪਾਮਾਰੀ

ਮਾਨਸਾ: ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਨਸਾ ਸ਼ਹਿਰ ਵਿੱਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਾਂਝੀ ਛਾਪਾਮਾਰੀ ਕੀਤੀ ਗਈ।

ਕਿਰਤ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਕਈ ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਕਾਰੋਬਾਰੀ ਥਾਵਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਾਬਾਲਗ ਬੱਚਿਆਂ ਨੂੰ ਮਜ਼ਦੂਰੀ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਦਵਿੰਦਰ ਸਿੰਘ ਲੇਬਰ ਇੰਸਪੈਕਟਰ ਨੇ ਕਿਹਾ ਕਿ ਬਾਲ ਮਜ਼ਦੂਰੀ (ਪ੍ਰਤੀਬੰਧ ਅਤੇ ਨਿਯਮਨ) ਕਾਨੂੰਨ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਕੰਮ ਕਰਵਾਉਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਕਾਰੋਬਾਰੀਆਂ ਨੂੰ ਵੀ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਹਰ ਬੱਚਾ ਸਿੱਖਿਆ ਪ੍ਰਾਪਤ ਕਰ ਸਕੇ ਅਤੇ ਉਸ ਦਾ ਭਵਿੱਖ ਸੁਰੱਖਿਅਤ ਬਣ ਸਕੇ।

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਰਜਿੰਦਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਇੱਕ ਸਮਾਜਿਕ ਬੁਰਾਈ ਹੈ। ਬੱਚਿਆਂ ਨੂੰ ਕੰਮ ਵਾਲੀਆਂ ਥਾਵਾਂ ਦੀ ਜਗ੍ਹਾ ਸਕੂਲਾਂ ਵਿਚ ਹੋਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਰੇਡ ਦੌਰਾਨ ਮਿਲੇ ਬੱਚਿਆਂ ਦੀ ਕਾਉਂਸਲਿੰਗ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਬੱਚਿਆਂ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਅਤੇ ਸਿੱਖਿਆ ਨਾਲ ਜੋੜਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਮਜ਼ਦੂਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਬੰਧਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 ‘ਤੇ ਨੂੰ ਸੂਚਿਤ ਕੀਤਾ ਜਾਵੇ।

ਇਸ ਮੌਕੇ ਸਿਹਤ ਵਿਭਾਗ ਤੋਂ ਦਰਸ਼ਨ ਸਿੰਘ, ਪੁਲਿਸ ਵਿਭਾਗ ਤੋਂ ਹਰਪ੍ਰੀਤ ਸਿੰਘ, ਹਰਦੀਪ ਕੁਮਾਰ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments