ਇੰਟਰਟੇਨਮੈਂਟ: ਪੰਜਾਬੀ ਗਾਇਕ ਆਰ-ਨੇਤ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਰੀਲ’ ਨੂੰ ਲੈ ਕੇ ਵਿਵਾਦਾਂ ਵਿੱਚ ਆ ਗਏ ਹਨ। ਗੀਤ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ ਅਤੇ ਦੋਸ਼ ਲਗਾਇਆ ਗਿਆ ਹੈ ਕਿ ਇਸ ਵਿੱਚ ਸੰਤਾਂ ਅਤੇ ਸਨਾਤਨ ਧਰਮ ਨਾਲ ਜੁੜੇ ਪਵਿੱਤਰ ਪ੍ਰਤੀਕਾਂ ਨੂੰ ਅਣਉਚਿਤ ਢੰਗ ਨਾਲ ਦਰਸਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਹਿੰਦੂ ਸੰਗਠਨ ਸ਼ਿਵ ਸੈਨਾ ਨੇ ਇਸ ਮਾਮਲੇ ਸਬੰਧੀ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 3 ਵਿੱਚ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗੀਤ ਵਿੱਚ ਆਰਨੇਤ ਇੱਕ ਸਾਧੂ ਦੇ ਰੂਪ ਵਿੱਚ ਨਜ਼ਰ ਆਉਂਦੇ ਹਨ ਅਤੇ ਕੁਝ ਦ੍ਰਿਸ਼ਾਂ ਵਿੱਚ ਧਾਰਮਿਕ ਰਸਮਾਂ ਅਤੇ ਪੂਜਾ-ਪਾਠ ਨਾਲ ਜੁੜੀਆਂ ਚੀਜ਼ਾਂ ਨੂੰ ਅਜਿਹੇ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।
ਸੰਗਠਨ ਦੇ ਆਗੂਆਂ ਦਾ ਦੋਸ਼ ਹੈ ਕਿ ਗੀਤ ਦੇ ਕਈ ਸੀਨਾਂ ਵਿੱਚ ਤਾਂਤਰਿਕ ਕਿਰਿਆਵਾਂ ਅਤੇ ਧਾਰਮਿਕ ਪਰੰਪਰਾਵਾਂ ਦਾ ਮਜ਼ਾਕ ਉਡਾਇਆ ਗਿਆ ਦਿਖਾਈ ਦਿੰਦਾ ਹੈ। ਇਸ ਕਾਰਨ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਨੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ, ਆਰਨੇਤ ਜਾਂ ਉਨ੍ਹਾਂ ਦੀ ਟੀਮ ਵੱਲੋਂ ਇਸ ਵਿਵਾਦ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਹੁਣ ਸਭ ਦੀਆਂ ਨਜ਼ਰਾਂ ਪੁਲਿਸ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।



