Home Patiala Updates ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ...

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

0
20
-ਸ਼ਰਧਾਲੂਆਂ ਲਈ ਮੰਦਰ ਦਾ ਅਧਿਆਤਮਕ ਮਾਹੌਲ ਹੋਰ ਵੀ ਬਣੇਗਾ ਸ਼ਾਨਦਾਰ – ਰੱਖੜਾ
-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਮੇਅਰ ਗੋਗੀਆ, ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਰਹੇ ਮੌਜੂਦ
-ਅਨੀਸ਼ ਮੰਗਲਾ ਸਮੇਤ ਪਟਿਆਲਾ ਦੀਆਂ ਉਘੀਆਂ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਲਾਘਾ
ਪਟਿਆਲਾ: ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਮੰਦਰ ਦਾ ਵਿਸ਼ੇਸ਼ ਦੌਰਾ ਕਰਦਿਆਂ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰਨਿਰਮਾਣ ਦੇ ਕਾਰਜਾਂ ਨੂੰ ਮਿਥੇ ਸਮੇਂ ਦੇ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਮੇਟੀ ਨੇ ਚੱਲ ਰਹੇ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਅਸਥਾਨ ਵੱਲ ਕਦੇ ਧਿਆਨ ਨਹੀਂ ਦਿੱਤਾ ਪਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਅਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਦਾ ਬੀੜਾ ਉਠਾਇਆ ਹੈ, ਇਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ।
ਰੱਖੜਾ ਨੇ ਕਿਹਾ ਕਿ ਇਹ ਪੁਨਰਨਿਰਮਾਣ ਦੇ ਕਾਰਜ ਮੁਕੰਮਲ ਹੋਣ ਬਾਅਦ ਇੱਥੇ ਸ਼ਰਧਾਲਆਂ ਨੂੰ ਮੰਦਰ ਦਾ ਅਧਿਆਤਮਕ ਮਾਹੌਲ ਹੋਰ ਸ਼ਾਨਦਾਰ ਤੇ ਮਨ ਨੂੰ ਸਕੂਨ ਦੇਣ ਵਾਲਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਦਰ ਨਾ ਸਿਰਫ਼ ਪਟਿਆਲਾ ਬਲਕਿ ਪੂਰੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਇੱਕ ਪਵਿੱਤਰ ਸਥਾਨ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਬਹੁਤ ਹੀ ਯੋਜਨਾਬੱਧ ਅਤੇ ਜ਼ੋਰ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ।
ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਨੇ ਦੱਸਿਆ ਕਿ ਮੰਦਰ ਦੇ ਸੁੰਦਰੀਕਰਨ ਪ੍ਰੋਜੈਕਟ ਤਹਿਤ ਜਿੱਥੇ ਮੁੱਖ ਪਰਿਸਰ ਦੀ ਦਿੱਖ ਨੂੰ ਰਵਾਇਤੀ ਅਤੇ ਪ੍ਰਾਚੀਨ ਸ਼ੈਲੀ ਮੁਤਾਬਕ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਹਾਈ-ਟੈਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵੱਡੇ ਹਾਲ, ਸਾਫ਼ ਪੀਣ ਵਾਲੇ ਪਾਣੀ ਦੇ ਆਧੁਨਿਕ ਪਲਾਂਟ, ਸੰਗਤ ਲਈ ਸੁਚਾਰੂ ਲਾਈਨ ਪ੍ਰਬੰਧਨ ਅਤੇ ਮੰਦਰ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਯੋਜਨਾ ਸ਼ਾਮਲ ਹੈ।
ਅਨੀਸ਼ ਮੰਗਲਾ, ਸਤਨਾਮ ਹਸੀਜਾ ਅਤੇ ਪਰਵੀਨ ਜਿੰਦਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਦਰ ਕਮੇਟੀ ਅਤੇ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਬਹੁਤ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰੋਜੈਕਟ ਪੂਰਾ ਹੋਣ ਨਾਲ ਪਟਿਆਲਾ ਸ਼ਹਿਰ ਦੇ ਧਾਰਮਿਕ ਟੂਰਿਜ਼ਮ ਨੂੰ ਇੱਕ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਸਮੇਤ ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here