Home Punjab Mansa ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਸਾਰੇ ਵਿਭਾਗ ਆਪਸੀ ਤਾਲਮੇਲ...

ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਚੈਕਿੰਗ ਅਤੇ ਜਾਗਰੂਕਤਾ ਤੇਜ਼ ਕਰਨ: ਵਧੀਕ ਡਿਪਟੀ ਕਮਿਸ਼ਨਰ

0
21
ਮਾਨਸਾ, 17 ਜੂਨ:
ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਗਰਮੀ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਅੱਜ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਮੂਹ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਾਅ ਨੂੰ ਦੇਖਦੇ ਹੋਏ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਨਿਰੰਤਰ ਜਾਗਰੁਕਤਾ ਉਪਰਾਲੇ ਕੀਤੇ ਜਾਣ ਅਤੇ ਚੈਕਿੰਗ ਅਭਿਆਨ ਵਿੱਚ ਤੇਜ਼ੀ ਲਿਆਂਦੀ ਜਾਵੇ।

ਸਿਹਤ ਵਿਭਾਗ ਅਤੇ ਮਿਊਨਸੀਪਲ ਕਮੇਟੀਆਂ (ਨਗਰ ਕੌਂਸਲਾਂ/ਪੰਚਾਇਤਾਂ) ਨੂੰ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਨਿਯਮਤ ਤੌਰ ‘ਤੇ ਫੋਗਿੰਗ ਕਰਵਾਉਣ ਅਤੇ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਡੇਂਗੂ ਜਾਂ ਮਲੇਰੀਆ ਦਾ ਕੋਈ ਪਾਜ਼ੇਟਿਵ ਕੇਸ ਸਾਹਮਣੇ ਆਉਂਦਾ ਹੈ, ਤਾਂ ਉਸ ਦੇ ਆਲੇ-ਦੁਆਲੇ ਦੇ ਘਰਾਂ ਵਿੱਚ ਤੁਰੰਤ ਫੀਵਰ ਸਰਵੇ ਕਰਵਾਇਆ ਜਾਵੇ ਅਤੇ ਮੱਛਰ ਮਾਰੂ ਸਪਰੇਅ ਦਾ ਛਿੜਕਾਅ ਯਕੀਨੀ ਬਣਾਇਆ ਜਾਵੇ।

ਏਡੀਸੀ ਪੂਨਮ ਸਿੰਘ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਬਿਮਾਰੀਆਂ ਨੂੰ ਫੈਲਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਸਮੇਂ-ਸਮੇਂ ‘ਤੇ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਬੁਖਾਰ ਜਾਂ ਕੋਈ ਹੋਰ ਸਰੀਰਕ ਤਕਲੀਫ਼ ਹੁੰਦੀ ਹੈ, ਤਾਂ ਉਹ ਸੈਲਫ-ਮੈਡੀਕੇਸ਼ਨ (ਆਪਣੇ ਆਪ ਦਵਾਈ ਲੈਣ) ਤੋਂ ਬਚਣ। ਤੁਰੰਤ ਆਪਣੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਸਲਾਈਡ ਬਣਵਾ ਕੇ ਮੁਫ਼ਤ ਜਾਂਚ ਕਰਵਾਈ ਜਾਵੇ ਅਤੇ ਮਾਹਰ ਡਾਕਟਰ ਦੀ ਸਲਾਹ ਅਨੁਸਾਰ ਹੀ ਦਵਾਈ ਲਈ ਜਾਵੇ।
ਪੂਨਮ ਸਿੰਘ ਨੇ ਅਪੀਲ ਕੀਤੀ ਕਿ ਪ੍ਰਸ਼ਾਸਨ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਮੁਹਿੰਮ ਦੀ ਸਫਲਤਾ ਲਈ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮਯੰਕ ਜੋਤ, ਜ਼ਿਲ੍ਹਾ ਟੀਕਾਕਕਰਨ ਅਫ਼ਸਰ ਡਾ. ਬਲਜੀਤ ਕੌਰ, ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੰਜੂ ਬਾਲਾ, ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਸਮੂਹ ਕਾਰਜਸਾਧਕ ਅਫ਼ਸਰ, ਸਮੂਹ ਬੀ.ਡੀ.ਪੀ.ਓਜ਼ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here