Sunday, September 27, 2026
Home Patiala Updates ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ:...

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ ਸਿੰਘ 

0
32
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਹਿਮ ਮੀਟਿੰਗ*
ਪਟਿਆਲਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ। 
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੂਰਾ ਪ੍ਰਸ਼ਾਸਨ, ਹਲਕੇ ਦੇ ਬਲਾਕ ਪ੍ਰਧਾਨ ਅਤੇ ਵੀ.ਡੀ.ਸੀ. ਮੈਂਬਰ ਇੱਕੋ ਛੱਤ ਹੇਠਾਂ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਦੇ ਮਾਪੇ ਜਾਂ ਪਰਿਵਾਰਕ ਮੈਂਬਰ ਸਾਕੇਤ ਹੈਲਪਲਾਈਨ ਨੰਬਰ 0175-2213385 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਨੌਜਵਾਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੇ ਵਿਵਹਾਰ ਵਿੱਚ ਆਉਣ ਵਾਲੀਆਂ ਤਬਦੀਲੀਆਂ ਨੂੰ ਸਮਝ ਸਕਣ ਅਤੇ ਸਮੇਂ ਸਿਰ ਇਹ ਪਛਾਣ ਕੀਤੀ ਜਾ ਸਕੇ ਕਿ ਕੋਈ ਵਿਦਿਆਰਥੀ ਨਸ਼ਿਆਂ ਦੀ ਲਪੇਟ ਵਿੱਚ ਤਾਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸ਼ੁਰੂਆਤੀ ਪਛਾਣ ਬਹੁਤ ਮਹੱਤਵਪੂਰਨ ਹੈ।ਓਹਨਾ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਲਤ ਤੋਂ ਮੁਕਤੀ ਲਈ ਇਲਾਜ, ਕਾਊਂਸਲਿੰਗ ਅਤੇ ਸਹਾਇਤਾ ਸੇਵਾਵਾਂ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਲਈ ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ 1800-891-4416 ਉੱਤੇ ਸੰਪਰਕ ਕਰਕੇ ਮਾਹਿਰ ਸਲਾਹ ਅਤੇ ਮਦਦ ਲਈ ਜਾ ਸਕਦੀ ਹੈ।
ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ.ਡੀ.ਸੀ. ਮੈਂਬਰਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਇਸ ਨੂੰ ਲੋਕ ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਹੀ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਨਸ਼ਾ ਛੁਡਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨਾਂ ਦੇ ਪੁਨਰ ਵਿਕਾਸ ਅਤੇ ਪੁਨਰਵਾਸ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਸੰਬੰਧੀ ਦਿੱਤੀ ਜਾਣ ਵਾਲੀ ਹਰ ਜਾਣਕਾਰੀ ਨੂੰ ਪੂਰੀ ਗੁਪਤਤਾ ਨਾਲ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਦੌਰਾਨ ਸਾਬਕਾ ਮੰਤਰੀ ਸ੍ਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਘਨੌਰ ਸ੍ਰੀ ਗੁਰਲਾਲ ਘਨੌਰ, ਹਲਕਾ ਇੰਚਾਰਜ ਸਨੌਰ ਸ੍ਰੀ ਰਣਜੋਧ ਸਿੰਘ ਹੰਢਾਣਾ, ਚੇਅਰਮੈਨ ਇੰਪਰੂਵਮੇਂਟ ਟਰੱਸਟ ਸ੍ਰੀ ਹਰਪਾਲ ਵਿਰਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here