HomeNationalਅਨੰਤਨਾਗ ਪੁਲਿਸ ਦੀ ਵੱਡੀ ਕਾਰਵਾਈ, 2.613 ਕਿਲੋ ਹੈਰੋਇਨ ਸਣੇ ਕਥਿਤ ਨਸ਼ਾ ਤਸਕਰ...

ਅਨੰਤਨਾਗ ਪੁਲਿਸ ਦੀ ਵੱਡੀ ਕਾਰਵਾਈ, 2.613 ਕਿਲੋ ਹੈਰੋਇਨ ਸਣੇ ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਅੰਤਰ-ਜ਼ਿਲ੍ਹਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੇ ਕਬਜ਼ੇ ਵਿੱਚੋਂ ਕੁੱਲ 2.613 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਗੈਰ-ਕਾਨੂੰਨੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੀਬ 20 ਕਰੋੜ ਰੁਪਏ ਹੋ ਸਕਦੀ ਹੈ। ਅਧਿਕਾਰੀਆਂ ਅਨੁਸਾਰ ਇਹ ਹਾਲੀਆ ਸਾਲਾਂ ਵਿੱਚ ਜ਼ਿਲ੍ਹੇ ਦੀਆਂ ਸਭ ਤੋਂ ਵੱਡੀਆਂ ਨਸ਼ਾ ਬਰਾਮਦਗੀਆਂ ਵਿੱਚੋਂ ਇੱਕ ਹੈ।

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਲਮੁੱਲਾ ਇਲਾਕੇ ਵਿੱਚ ਨਾਕੇ ਦੌਰਾਨ ਰਜਿਸਟ੍ਰੇਸ਼ਨ ਨੰਬਰ JK09B-2808 ਵਾਲੀ ਇਗਨਿਸ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ ਹੈਰੋਇਨ ਦੇ ਚਾਰ ਪੈਕਟ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਇਸ਼ਤਿਆਕ ਅਹਿਮਦ ਮੋਗਲ, ਪੁੱਤਰ ਅਬਦੁਲ ਰਸ਼ੀਦ ਮੋਗਲ, ਵਾਸੀ ਪ੍ਰਦਾ ਤੰਗਦਾਰ ਵਜੋਂ ਹੋਈ ਹੈ।

ਬਰਾਮਦਗੀ ਤੋਂ ਬਾਅਦ ਪੁਲਿਸ ਨੇ ਐਫ਼ਆਈਆਰ ਨੰਬਰ 195/2026 ਦਰਜ ਕਰਕੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ 8 ਅਤੇ 21 ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਦੌਰਾਨ ਐਨਡੀਪੀਐਸ ਐਕਟ ਦੀ ਧਾਰਾ 50 ਤਹਿਤ ਮੁਲਜ਼ਮ ਦੀ ਨਿੱਜੀ ਤਲਾਸ਼ੀ ਲਈ ਗਈ, ਜਿਸ ਦੌਰਾਨ ਹੈਰੋਇਨ ਦਾ ਇੱਕ ਹੋਰ ਪੈਕੇਟ ਬਰਾਮਦ ਹੋਇਆ। ਇਸ ਨਾਲ ਬਰਾਮਦ ਕੀਤੀ ਗਈ ਕੁੱਲ ਮਾਤਰਾ 2.613 ਕਿਲੋਗ੍ਰਾਮ ਹੋ ਗਈ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦਾ ਮੁੱਖ ਉਦੇਸ਼ ਨਸ਼ੇ ਦੀ ਸਪਲਾਈ ਦੇ ਸਰੋਤ, ਡਿਲੀਵਰੀ ਚੈਨਲ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨਾ ਹੈ। ਇਸ ਦੇ ਨਾਲ ਹੀ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਪਲਾਈ ਲੜੀ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ।

ਅਨੰਤਨਾਗ ਪੁਲਿਸ ਨੇ ਕਿਹਾ ਹੈ ਕਿ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਤਸਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments