Tuesday, August 18, 2026
Home Punjab ਪੰਜਾਬ ‘ਚ ‘ਐਲਡਰਲਾਈਨ 14567’ ਬਣੀ ਬਜ਼ੁਰਗਾਂ ਦਾ ਸਹਾਰਾ, ਢਾਈ ਲੱਖ ਤੋਂ ਵੱਧ...

ਪੰਜਾਬ ‘ਚ ‘ਐਲਡਰਲਾਈਨ 14567’ ਬਣੀ ਬਜ਼ੁਰਗਾਂ ਦਾ ਸਹਾਰਾ, ਢਾਈ ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ

0
20

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੁਰੱਖਿਆ, ਸਤਿਕਾਰ ਅਤੇ ਭਲਾਈ ਲਈ ‘ਐਲਡਰਲਾਈਨ 14567’ ਸੇਵਾ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇਸ ਹੈਲਪਲਾਈਨ ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ, ਕੌਂਸਲਿੰਗ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 91 ਬੇਸਹਾਰਾ ਬਜ਼ੁਰਗਾਂ ਨੂੰ ਰੈਸਕਿਊ ਕਰਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ ਹੈ ਅਤੇ ਬਜ਼ੁਰਗਾਂ ਨਾਲ ਦੁਰਵਿਵਹਾਰ ਤੇ ਗੁਜ਼ਾਰਾ ਭੱਤੇ ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਵੀ ਸੁਲਝਾਉਣ ਵਿੱਚ ਮਦਦ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਹ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ, ਸਗੋਂ ਲੋੜਵੰਦ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਤੁਰੰਤ ਸਹਾਇਤਾ ਦਾ ਇੱਕ ਮਜ਼ਬੂਤ ਮਾਧਿਅਮ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਹ ਹੈਲਪਲਾਈਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਹੈਲਪਏਜ ਇੰਡੀਆ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਸਾਂਝੇ ਉਪਰਾਲੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਸੇਵਾ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਉਪਲਬਧ ਰਹਿੰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਕਾਲ ਅਫ਼ਸਰ ਬਜ਼ੁਰਗਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾਉਂਦੇ ਹਨ।

ਹੈਲਪਲਾਈਨ ਰਾਹੀਂ ਬੁਢਾਪਾ ਪੈਨਸ਼ਨ, ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਕੌਂਸਲਿੰਗ, ਬੇਘਰ ਬਜ਼ੁਰਗਾਂ ਦੇ ਬਚਾਅ ਅਤੇ ਮੁੜ-ਵਸੇਬੇ ਤੋਂ ਇਲਾਵਾ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਤਹਿਤ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਮਦਦ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਟੋਲ-ਫ੍ਰੀ ਹੈਲਪਲਾਈਨ 14567 ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਸੰਵੇਦਨਸ਼ੀਲ ਅਤੇ ਹਮਦਰਦ ਸਮਾਜ ਸਿਰਜਣ ਲਈ ਵਚਨਬੱਧ ਹੈ, ਜਿੱਥੇ ਹਰ ਬਜ਼ੁਰਗ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

 

LEAVE A REPLY

Please enter your comment!
Please enter your name here