ਖੰਨਾ: ਪੁਲਿਸ ਜ਼ਿਲ੍ਹਾ ਖੰਨਾ ਨੇ ਆਵਾਜ਼ ਪ੍ਰਦੂਸ਼ਣ ‘ਤੇ ਰੋਕ ਲਗਾਉਣ ਅਤੇ ਆਮ ਲੋਕਾਂ ਨੂੰ ਸ਼ਾਂਤ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵੱਡੀ ਕਾਰਵਾਈ ਕਰਦਿਆਂ ਬੁਲੇਟ ਮੋਟਰਸਾਈਕਲਾਂ ‘ਤੇ ਲੱਗੇ ਕਰੀਬ 150 ਗੈਰ-ਕਾਨੂੰਨੀ ਸਾਈਲੈਂਸਰ ਜ਼ਬਤ ਕਰਕੇ ਅਮਲੋਹ ਚੌਂਕ ਵਿੱਚ ਜਨਤਕ ਤੌਰ ‘ਤੇ ਬੁਲਡੋਜ਼ਰ ਨਾਲ ਨਸ਼ਟ ਕਰ ਦਿੱਤੇ। ਇਹ ਕਾਰਵਾਈ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐਸ.) ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।
ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਬੁਲੇਟ ਮੋਟਰਸਾਈਕਲਾਂ ਦੇ ਗੈਰ-ਕਾਨੂੰਨੀ ਸਾਈਲੈਂਸਰਾਂ ਰਾਹੀਂ ਪਟਾਕੇ ਮਾਰਨ ਅਤੇ ਉੱਚੀ ਆਵਾਜ਼ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖ਼ਾਸ ਕਰਕੇ ਬਾਜ਼ਾਰਾਂ, ਸਕੂਲਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਔਰਤਾਂ, ਬਜ਼ੁਰਗਾਂ, ਦਿਲ ਦੇ ਮਰੀਜ਼ਾਂ ਅਤੇ ਛੋਟੇ ਬੱਚਿਆਂ ਲਈ ਇਹ ਵੱਡੀ ਸਮੱਸਿਆ ਬਣ ਰਹੀ ਸੀ। ਲੋਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਟਰੈਫਿਕ ਪੁਲਿਸ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਪੂਰੇ ਜ਼ਿਲ੍ਹੇ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਕੜੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ ਹਨ। ਜਨਤਕ ਤੌਰ ‘ਤੇ ਗੈਰ-ਕਾਨੂੰਨੀ ਸਾਈਲੈਂਸਰ ਨਸ਼ਟ ਕਰਕੇ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਆਵਾਜ਼ ਪ੍ਰਦੂਸ਼ਣ ਫੈਲਾਉਣ ਅਤੇ ਲੋਕਾਂ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਕੀਤੀ ਜਾਵੇਗੀ।
ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁਹਿੰਮ ਦੇ ਅਗਲੇ ਪੜਾਅ ਵਿੱਚ ਉਨ੍ਹਾਂ ਵਰਕਸ਼ਾਪਾਂ, ਗੈਰਾਜਾਂ ਅਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜੋ ਵਾਹਨਾਂ ‘ਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾਉਂਦੇ ਜਾਂ ਗੈਰ-ਕਾਨੂੰਨੀ ਮੋਡੀਫਿਕੇਸ਼ਨ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਮੁਕੱਦਮੇ ਵੀ ਦਰਜ ਕੀਤੇ ਜਾਣਗੇ।
ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਜੇਕਰ ਕੋਈ ਨਾਬਾਲਗ ਅਜਿਹੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਕਾਨੂੰਨ ਅਨੁਸਾਰ ਉਸ ਦੇ ਮਾਪਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਸ਼ਹਿਰ ਵਾਸੀਆਂ ਨੇ ਖੰਨਾ ਪੁਲਿਸ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਆਵਾਜ਼ ਪ੍ਰਦੂਸ਼ਣ ‘ਤੇ ਕਾਬੂ ਪਵੇਗਾ, ਸਗੋਂ ਨੌਜਵਾਨਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕਤਾ ਵੀ ਵਧੇਗੀ। ਇਸ ਮੌਕੇ ਡੀ.ਐਸ.ਪੀ. ਟਰੈਫਿਕ ਕਰਮਵੀਰ ਸਿੰਘ ਤੂਰ, ਟਰੈਫਿਕ ਇੰਚਾਰਜ ਕੁਲਜੀਤ ਸਿੰਘ ਅਤੇ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।









