ਓਟਾਵਾ, 8 ਜੁਲਾਈ 2026: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਕਥਿਤ ਠੱਗੀ ਕਰਨ ਦੇ ਮਾਮਲੇ ਵਿੱਚ ਦੋ ਭਾਰਤੀ ਨਾਗਰਿਕਾਂ ਖ਼ਿਲਾਫ਼ ਕੁੱਲ 12 ਅਪਰਾਧਿਕ ਦੋਸ਼ ਦਰਜ ਕੀਤੇ ਹਨ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।
ਜਾਂਚ ਏਜੰਸੀ ਮੁਤਾਬਕ ਦੋਵਾਂ ਮੁਲਜ਼ਮਾਂ ਨੇ ਸਟੱਡੀ ਵੀਜ਼ੇ ’ਤੇ ਕੈਨੇਡਾ ਪਹੁੰਚੇ ਕਈ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਇਹ ਕਹਿ ਕੇ ਪੈਸੇ ਇਕੱਠੇ ਕੀਤੇ ਕਿ ਇਹ ਰਕਮ ਉਨ੍ਹਾਂ ਦੀ ਕਾਲਜ ਟਿਊਸ਼ਨ ਫੀਸ ਜਮ੍ਹਾਂ ਕਰਵਾਉਣ ਲਈ ਵਰਤੀ ਜਾਵੇਗੀ। ਪਰ ਦੋਸ਼ ਹੈ ਕਿ ਨਾ ਤਾਂ ਫੀਸ ਜਮ੍ਹਾਂ ਕਰਵਾਈ ਗਈ ਅਤੇ ਨਾ ਹੀ ਵਿਦਿਆਰਥੀਆਂ ਦਾ ਵਾਅਦੇ ਅਨੁਸਾਰ ਦਾਖ਼ਲਾ ਕਰਵਾਇਆ ਗਿਆ। ਇਸ ਦੀ ਬਜਾਏ ਉਨ੍ਹਾਂ ਨੂੰ ਜਾਅਲੀ ਦਾਖ਼ਲਾ ਦਸਤਾਵੇਜ਼ ਮੁਹੱਈਆ ਕਰਵਾਏ ਗਏ।
ਸੀਬੀਐਸਏ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਫਰਵਰੀ 2025 ਵਿੱਚ ਇੱਕ ਸਿੱਖਿਆ ਸੰਸਥਾ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਕਈ ਪੀੜਤ ਵਿਦਿਆਰਥੀਆਂ ਦੇ ਬਿਆਨ ਦਰਜ ਕੀਤੇ ਗਏ ਅਤੇ ਸਬੂਤ ਇਕੱਠੇ ਕਰਨ ਤੋਂ ਬਾਅਦ ਦੋਵਾਂ ਖ਼ਿਲਾਫ਼ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ਾਂ ਨਾਲ ਸੰਬੰਧਿਤ ਗੰਭੀਰ ਦੋਸ਼ ਲਗਾਏ ਗਏ।
ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਭਰੋਸੇ ਨਾਲ ਖਿਲਵਾੜ ਕਰਦੀਆਂ ਹਨ ਅਤੇ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਸਾਖ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ। ਜਾਂਚ ਅਜੇ ਵੀ ਜਾਰੀ ਹੈ ਅਤੇ ਸੰਭਵ ਹੈ ਕਿ ਅੱਗੇ ਹੋਰ ਲੋਕਾਂ ਦੀ ਭੂਮਿਕਾ ਵੀ ਸਾਹਮਣੇ ਆਵੇ।







