Wednesday, July 8, 2026
Home Punjab Malerkotla ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜ਼ਿਲ੍ਹੇ ਦੇ ਘਰ-ਘਰ ਪਹੁੰਚਾਉਣ ਦਾ ਸਾਧਨ ਬਣੇਗੀ- ਵਿਧਾਇਕ ਡਾ. ਜਮੀਲ ਉਰ ਰਹਿਮਾਨ

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜ਼ਿਲ੍ਹੇ ਦੇ ਘਰ-ਘਰ ਪਹੁੰਚਾਉਣ ਦਾ ਸਾਧਨ ਬਣੇਗੀ- ਵਿਧਾਇਕ ਡਾ. ਜਮੀਲ ਉਰ ਰਹਿਮਾਨ

0
2

·          ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ, ਜਿਨ੍ਹਾਂ ਨੇ ਭੇਦਭਾਵ ਰਹਿਤ ਸਮਾਜ ਦਾ ਸੁਪਨਾ ਸਾਕਾਰ ਕੀਤਾ: ਵਿਧਾਇਕ

·         ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦਾ ਹੋਵੇਗਾ ਪ੍ਰਚਾਰ

·         ਪਿੰਡ ਦਸੌਂਦਾ ਸਿੰਘ ਵਾਲਾ ਅਤੇ ਮਾਨਕੀ ਵਿਖੇ ਡਾਕੂਮੈਂਟਰੀ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

* ਭਲਕੇ ਮਿਤੀ 09 ਜੁਲਾਈ ਨੂੰ ਪਿੰਡ ਮਾਣਕਖੇੜੀ ਵਿਖੇ ਸ਼ਾਮ 6 ਵਜੇ ਅਤੇ ਪਿੰਡ ਅਹਿਮਦਪੁਰ ਵਿਖੇ ਸ਼ਾਮ 7 ਵਜੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਹੋਵੇਗਾ ਪ੍ਰਦਰਸ਼ਨ

ਮਾਲੇਰਕੋਟਲਾ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਦਸੌਂਦਾ ਸਿੰਘ ਵਾਲਾ ਅਤੇ ਮਾਨਕੀ ਵਿਖੇ ਬੀਤੀ ਦੇਰ ਸ਼ਾਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।

ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਹ ਵਿਲੱਖਣ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਸਾਧਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ।

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਇਸ ਤਹਿਤ 50 ਡਾਕੂਮੈਂਟਰੀ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਹਜ਼ਾਰਾਂ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪਿੰਡਾਂ ਵਿੱਚ ਵੀ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ, ਖਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਦੇ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਸੱਚੇ ਜੀਵਨ ਦੇ ਸੰਦੇਸ਼ ਤੋਂ ਪ੍ਰੇਰਣਾ ਲੈ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਨਤਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ । ਜਿਕਰਯੋਗ ਹੈ ਕਿ ਭਲਕੇ ਮਿਤੀ 09 ਜੁਲਾਈ ਦਿਨ ਵੀਰਵਾਰ ਨੂੰ ਪਿੰਡ ਮਾਣਕਖੇੜੀ ਵਿਖੇ ਸ਼ਾਮ 6 ਵਜੇ ਅਤੇ ਪਿੰਡ ਅਹਿਮਦਪੁਰ ਵਿਖੇ ਸ਼ਾਮ 7 ਵਜੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਸਰਪੰਚ ਪਰਮਜੀਤ ਕੌਰ, ਪੰਚ ਚਮਕੌਰ ਸਿੰਘ,ਪੰਚ ਬਲਜੀਤ ਸਿੰਘ,ਪੰਚ ਪਰਮਜੀਤ ਸਿੰਘ,ਜਸਵੀਰ ਕੌਰ,ਪੰਚਾਇਤ ਸਕੱਤਰ ਰਾਜਿੰਦਰ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਮੌਜੂਦ ਸਨ ।

LEAVE A REPLY

Please enter your comment!
Please enter your name here