ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਦੌਰੇ ਤੋਂ ਪਹਿਲਾਂ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਯਾਤਰੀ ਸਹੂਲਤਾਂ, ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਅਧਿਕਾਰੀਆਂ ਨੇ ਕੇਂਦਰੀ ਮੰਤਰੀ ਨੂੰ ਸਟੇਸ਼ਨ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰਵਨੀਤ ਸਿੰਘ ਬਿੱਟੂ ਨੇ ਸਬੰਧਤ ਵਿਭਾਗਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਤੇ ਯਾਤਰੀਆਂ ਦੀ ਸਹੂਲਤ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇ ਨਿਰਦੇਸ਼ ਦਿੱਤੇ।
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟ੍ਰੈਫਿਕ ਪ੍ਰਬੰਧਨ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਰੇਲਵੇ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਅਤੇ ਸੁਰੱਖਿਆ ਅਧਿਕਾਰੀ ਵੀ ਮੌਜੂਦ ਸਨ।







