ਨਵੀਂ ਦਿੱਲੀ: ਸਾਲ 2026 ਦਾ ਮਾਨਸੂਨ ਹੁਣ ਪੂਰੇ ਭਾਰਤ ਵਿੱਚ ਸਰਗਰਮ ਹੋ ਗਿਆ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸਥਿਤੀ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਮੌਸਮ ਅਪਡੇਟ ਮੁਤਾਬਕ 10 ਜੁਲਾਈ ਨੂੰ ਦੇਸ਼ ਦੇ 13 ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਰੈੱਡ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਬਾਕੀ ਹਿੱਸਿਆਂ ਨੂੰ ਵੀ ਕਵਰ ਕਰ ਲਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਦੇਖਣ ਨੂੰ ਮਿਲ ਸਕਦਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ 10 ਜੁਲਾਈ ਨੂੰ ਗਰਜ-ਤੂਫ਼ਾਨ ਦੇ ਨਾਲ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਕਰੀਬ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਭਾਰੀ ਮੀਂਹ ਦੀ ਸਥਿਤੀ ਵਿੱਚ ਸੜਕਾਂ ‘ਤੇ ਪਾਣੀ ਭਰਨ ਅਤੇ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਬਣੀ ਰਹੇਗੀ।
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਰਾਜਾਂ ਵਿੱਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਇੱਥੇ 15 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਪਹਾੜ ਖਿਸਕਣ, ਸੜਕਾਂ ਬੰਦ ਹੋਣ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਵਧ ਸਕਦਾ ਹੈ।
ਉੱਤਰ ਪ੍ਰਦੇਸ਼ ਦੇ ਪੱਛਮੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਵੀ 13 ਜੁਲਾਈ ਤੱਕ ਮਾਨਸੂਨੀ ਸਰਗਰਮੀ ਜਾਰੀ ਰਹਿਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ, ਜਦਕਿ ਰਾਜਸਥਾਨ ਦੇ ਕਈ ਹਿੱਸਿਆਂ ਲਈ ਮੀਂਹ ਦੇ ਨਾਲ ਆਕਾਸ਼ੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ।
ਮਾਨਸੂਨੀ ਹਲਚਲ ਦਾ ਅਸਰ ਸਿਰਫ਼ ਉੱਤਰੀ ਭਾਰਤ ਤੱਕ ਸੀਮਤ ਨਹੀਂ ਰਹੇਗਾ। ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਕੇਰਲ ਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਭਾਰਤ ਵਿੱਚ ਬਿਹਾਰ ਵਿੱਚ 12 ਜੁਲਾਈ ਤੱਕ, ਝਾਰਖੰਡ ਵਿੱਚ 15 ਜੁਲਾਈ ਤੱਕ ਅਤੇ ਓਡੀਸ਼ਾ ਵਿੱਚ 14 ਜੁਲਾਈ ਤੱਕ ਮਾਨਸੂਨੀ ਸਰਗਰਮੀ ਜਾਰੀ ਰਹਿ ਸਕਦੀ ਹੈ।
ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰ-ਪੂਰਬੀ ਭਾਰਤ ਦੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵਧਣ ਦੀ ਸੰਭਾਵਨਾ ਹੈ।
ਮੌਸਮ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਪਾਣੀ ਨਾਲ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਤੇ ਮੌਸਮ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।







