Friday, July 10, 2026
Home Patiala Updates ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਹੋਏ ਵਿਦਿਆਰਥੀਆਂ ਦੇ ਰੂਬਰੂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਹੋਏ ਵਿਦਿਆਰਥੀਆਂ ਦੇ ਰੂਬਰੂ

0
4

-ਸਰਕਾਰੀ ਦਫ਼ਤਰਾਂ ਦੀ ਕਾਰਜ-ਪ੍ਰਣਾਲੀ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੇ ਦਿੱਤੀ ਫੀਡਬੈਕ

ਪਟਿਆਲਾ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ ‘ਚੇਤਨਾ ਪ੍ਰੋਜੈਕਟ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦਾ ਵਿਦਿਅਕ ਦੌਰਾ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਕਾਰੀ ਕੰਮਕਾਜ ਦੀ ਪ੍ਰਕਿਰਿਆ, ਪ੍ਰਸ਼ਾਸਨਿਕ ਢਾਂਚੇ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜ-ਪ੍ਰਣਾਲੀ ਤੋਂ ਨੇੜਿਓਂ ਜਾਣੂ ਕਰਵਾਉਣਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਦਾ ਹੈ, ਸਗੋਂ ਉਨ੍ਹਾਂ ਨੂੰ ਆਪਣੇ ਕਰੀਅਰ ਸਬੰਧੀ ਟੀਚੇ ਨਿਰਧਾਰਤ ਕਰਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਸਮਝਣ ਦਾ ਵੀ ਮੌਕਾ ਮਿਲਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਭਵਿੱਖੀ ਟੀਚਿਆਂ, ਕਰੀਅਰ ਵਿਕਲਪਾਂ ਅਤੇ ਚਿੰਤਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਉਠਾਏ ਗਏ ਸਕੂਲ ਨਾਲ ਸਬੰਧਤ ਮਸਲਿਆਂ ਦੇ ਹੱਲ ਦਾ ਵੀ ਭਰੋਸਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਚੇਤਨਾ ਪ੍ਰੋਜੈਕਟ’ ਵਰਗੀਆਂ ਪਹਿਲਕਦਮੀਆਂ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ ਅਤੇ ਬਿਹਤਰ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਡੀ.ਸੀ. ਕੋਰਟ, ਰੋਜ਼ਗਾਰ ਦਫ਼ਤਰ, ਫਰਦ ਕੇਂਦਰ, ਸੇਵਾ ਕੇਂਦਰ, ਪੁਲਿਸ ਥਾਣੇ ਸਮੇਤ ਹੋਰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਕਾਰਜ-ਪ੍ਰਣਾਲੀ ਨੂੰ ਸਮਝਣ ਅਤੇ ਆਪਣੇ ਸੁਝਾਅ ਤੇ ਫੀਡਬੈਕ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੇ ‘ਚੇਤਨਾ ਪ੍ਰੋਜੈਕਟ’ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਤੋਂ ਕਲੈਟ, ਯੂ.ਪੀ.ਐੱਸ.ਸੀ., ਮੈਡੀਕਲ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਾਪਤ ਕੀਤਾ। ਇਸ ਦੌਰੇ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੇ ਸੁਝਾਅ ਤੇ ਫੀਡਬੈਕ ਵੀ ਦਿੱਤੀ। ਇਸ ਮੌਕੇ ਡਿਪਟੀ ਡੀ.ਈ.ਓ. ਰਵਿੰਦਰਪਾਲ ਸਿੰਘ, ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here