ਚੰਡੀਗੜ੍ਹ: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਬਦਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈ ਸਕਦਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਦਿਨ ਭਰ ਬੱਦਲਵਾਈ ਰਹਿਣ ਦੇ ਨਾਲ ਮੀਂਹ ਜਾਂ ਗਰਜ-ਚਮਕ ਨਾਲ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਸੂਬੇ ਦੇ ਕੁਝ ਇਲਾਕਿਆਂ ਵਿੱਚ ਹੋਈ ਬਾਰਸ਼ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪੰਜਾਬ ਦਾ ਤਾਪਮਾਨ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਬਠਿੰਡਾ ਹਵਾਈ ਅੱਡੇ ’ਤੇ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਅਗਲੇ ਪੰਜ ਤੋਂ ਛੇ ਦਿਨਾਂ ਦੌਰਾਨ ਸੂਬੇ ਵਿੱਚ ਮਾਨਸੂਨ ਦੀ ਸਰਗਰਮੀ ਕਮਜ਼ੋਰ ਰਹਿਣ ਦੇ ਆਸਾਰ ਹਨ। ਇਸ ਦੌਰਾਨ ਪਹਾੜੀ ਇਲਾਕਿਆਂ ਨਾਲ ਲੱਗਦੇ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਜਾਂ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ।
ਮੌਸਮ ਮਾਹਿਰਾਂ ਅਨੁਸਾਰ 20 ਤੋਂ 21 ਜੁਲਾਈ ਦੇ ਆਸ-ਪਾਸ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਜੇਕਰ ਮੌਸਮੀ ਹਾਲਾਤ ਅਨੁਕੂਲ ਰਹੇ ਤਾਂ ਪੰਜਾਬ ਵਿੱਚ ਚੰਗੀ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ, ਜਿਸ ਨਾਲ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।







