Tuesday, July 14, 2026
Home World News ਬੈਂਕਾਕ ਦੇ ਮਸ਼ਹੂਰ ਪੱਬ ’ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ

ਬੈਂਕਾਕ ਦੇ ਮਸ਼ਹੂਰ ਪੱਬ ’ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ

0
4

ਬੈਂਕਾਕ: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਸੋਮਵਾਰ ਤੜਕੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਸ਼ਹਿਰ ਦੇ ਚਤੁਚਕ ਜ਼ਿਲ੍ਹੇ ਵਿੱਚ ਸਥਿਤ ਇੱਕ ਮਸ਼ਹੂਰ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ, ਜਦਕਿ 63 ਹੋਰ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਰਿਪੋਰਟਾਂ ਅਨੁਸਾਰ ਅੱਗ ਐਤਵਾਰ ਦੇਰ ਰਾਤ ਬੈਂਕਾਕ ਦੇ ਉੱਤਰੀ ਹਿੱਸੇ ਵਿੱਚ ਸਥਿਤ ਪੱਬ ਵਿੱਚ ਲੱਗੀ। ਅੱਗ ਤੇਜ਼ੀ ਨਾਲ ਫੈਲਣ ਕਾਰਨ ਅੰਦਰ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਬਾਹਰ ਵੱਲ ਭੱਜਣ ਲੱਗੇ। ਅੱਗ ਅਤੇ ਸੰਘਣੇ ਧੂੰਏਂ ਕਾਰਨ ਕਈ ਲੋਕ ਪੱਬ ਦੇ ਅੰਦਰ ਹੀ ਫਸ ਗਏ।

ਦੱਸਿਆ ਜਾ ਰਿਹਾ ਹੈ ਕਿ ਅੱਗ ਤੋਂ ਬਚਣ ਲਈ ਕਈ ਲੋਕ ਪੱਬ ਦੇ ਬਾਥਰੂਮਾਂ ਵੱਲ ਭੱਜੇ, ਪਰ ਧੂੰਏਂ ਅਤੇ ਅੱਗ ਦੇ ਤੇਜ਼ੀ ਨਾਲ ਫੈਲਣ ਕਾਰਨ ਉਹ ਬਾਹਰ ਨਹੀਂ ਨਿਕਲ ਸਕੇ। ਬਚਾਅ ਟੀਮਾਂ ਨੂੰ ਕਈ ਪੀੜਤ ਬਾਥਰੂਮਾਂ ਦੇ ਨੇੜੇ ਮਿਲੇ। ਮੁੱਢਲੀਆਂ ਰਿਪੋਰਟਾਂ ਮੁਤਾਬਕ ਕਈ ਲੋਕਾਂ ਦੀ ਮੌਤ ਦਮ ਘੁੱਟਣ ਅਤੇ ਗੰਭੀਰ ਰੂਪ ਵਿੱਚ ਝੁਲਸਣ ਕਾਰਨ ਹੋਈ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਫਾਇਰਫਾਈਟਰਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਕਾਰਨ ਪੱਬ ਦਾ ਵੱਡਾ ਹਿੱਸਾ ਬੁਰੀ ਤਰ੍ਹਾਂ ਸੜ ਗਿਆ ਅਤੇ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ।

ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਾਰਨਵੀਰਕੁਲ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਪੁਸ਼ਟੀ ਕੀਤੀ ਕਿ ਹਾਦਸੇ ਵਿੱਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ ’ਤੇ ਪਤਾ ਨਹੀਂ ਲੱਗ ਸਕਿਆ। ਮੁੱਢਲੀ ਜਾਣਕਾਰੀ ਵਿੱਚ ਬਿਜਲੀ ਦੇ ਸਰਕਟ ਨਾਲ ਜੁੜੀ ਸਮੱਸਿਆ ਦਾ ਸ਼ੱਕ ਜਤਾਇਆ ਗਿਆ ਹੈ, ਪਰ ਅਧਿਕਾਰੀਆਂ ਵੱਲੋਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here