• ਵਧੀਕ ਡਿਪਟੀ ਕਮਿਸ਼ਨਰ ਬਰਾੜ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਲਈ ਜਾਰੀ ਕੀਤੀਆਂ ਅਹਿਮ ਹਦਾਇਤਾਂ
• ਈ-ਰਿਕਸ਼ਾਵਾਂ ਦੀ ਰਜਿਸਟ੍ਰੇਸ਼ਨ, ਨਿਰਧਾਰਿਤ ਰੂਟ, ਪਾਰਕਿੰਗ, ਵਨ-ਵੇਅ ਪ੍ਰਣਾਲੀ ਅਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
• ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਅਤੇ ਸੜਕ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣ ‘ਤੇ ਜ਼ੋਰ
ਮਾਲੇਰਕੋਟਲਾ: ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ, ਸੁਚਾਰੂ ਅਤੇ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਵਧ ਰਹੇ ਟਰੈਫਿਕ , ਈ-ਰਿਕਸ਼ਾਵਾਂ ਦੇ ਸੁਚੱਜੇ ਸੰਚਾਲਨ ਅਤੇ ਸੜਕ ਸੁਰੱਖਿਆ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੀ ਆਵਾਜਾਈ ਨੂੰ ਵਿਵਸਥਿਤ ਕਰਨ ਲਈ ਈ-ਰਿਕਸ਼ਾਵਾਂ ਦਾ ਨਿਯਮਬੱਧ ਸੰਚਾਲਨ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਈ ਰਿਕਸ਼ਾਵਾਂ ਦੀ ਰਜਿਸਟ੍ਰੇਸ਼ਨ, ਨਿਰਧਾਰਿਤ ਰੂਟ, ਮਨਜ਼ੂਰਸ਼ੁਦਾ ਪਾਰਕਿੰਗ ਸਥਾਨ ਅਤੇ ਸੰਚਾਲਨ ਸਬੰਧੀ ਇੱਕ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਕੇ ਜਲਦ ਲਾਗੂ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਈ-ਰਿਕਸ਼ਿਆਂ ‘ਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਪੱਸ਼ਟ ਅਤੇ ਪੜ੍ਹਨਯੋਗ ਨੰਬਰ ਪਲੇਟਾਂ ਲਗਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਮੀਟਿੰਗ ਦੌਰਾਨ ਵਧੇਰੇ ਭੀੜ-ਭਾੜ ਵਾਲੇ ਖੇਤਰਾਂ ਵਿੱਚ ਲੋੜ ਅਨੁਸਾਰ ਵਨ ਵੇਅ ਟਰੈਫਿਕ ਪ੍ਰਣਾਲੀ ਲਾਗੂ ਕਰਨ, ਸੜਕਾਂ ਦੇ ਕਿਨਾਰਿਆਂ ‘ਤੇ ਪੀਲੀ ਲਾਈਨ ਨਿਸ਼ਾਨਬੱਧ ਕਰਕੇ ਉਸ ਤੋਂ ਬਾਹਰ ਰੇਹੜੀਆਂ-ਫੜ੍ਹੀਆਂ ਨਾ ਲੱਗਣ ਨੂੰ ਯਕੀਨੀ ਬਣਾਉਣ ਅਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਨਿਰੰਤਰ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੁੱਖ ਬਾਜ਼ਾਰਾਂ ਵਿੱਚ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਸਬੰਧੀ ਸੂਚਨਾ ਬੋਰਡ ਲਗਾਉਣ, ਸੜਕਾਂ ‘ਤੇ ਚੱਲ ਰਹੇ ਗੈਰ-ਕਾਨੂੰਨੀ ਮੇਕਸ਼ਿਫਟ (ਜੁਗਾੜੂ) ਵਾਹਨਾਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਟਰੈਫਿਕ ਸੰਕੇਤਕ ਬੋਰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਜਨ-ਭਾਗੀਦਾਰੀ ਨਾਲ ਜੋੜਿਆ ਜਾਵੇ। ਉਨ੍ਹਾਂ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ, ਹੈਲਮੈਟ ਦੀ ਲਾਜ਼ਮੀ ਵਰਤੋਂ, ਨਿਰਧਾਰਿਤ ਗਤੀ ਸੀਮਾ ਦੀ ਪਾਲਣਾ, ਟਰੈਫਿਕ ਸੰਕੇਤਾਂ ਦੀ ਪਾਲਣਾ ਅਤੇ ਵੈਧ ਡਰਾਈਵਿੰਗ ਲਾਇਸੈਂਸ ਨਾਲ ਹੀ ਵਾਹਨ ਚਲਾਉਣ ਲਈ ਜਾਗਰੂਕਤਾ ਮੁਹਿੰਮਾਂ ਚਲਾਉਣ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਸੜਕਾਂ ‘ਤੇ ਆਵਾਰਾ ਪਸ਼ੂਆਂ ਕਾਰਨ ਪੈਦਾ ਹੋ ਰਹੀਆਂ ਦਿੱਕਤਾਂ ਦੇ ਸਥਾਈ ਹੱਲ ਲਈ ਵੀ ਸਬੰਧਤ ਵਿਭਾਗਾਂ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਅਮਰਗੜ੍ਹ ਅਸ਼ੀਸ਼ ਕੁਮਾਰ, ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪਰਵੀਨ, ਟਰੈਫਿਕ ਇੰਚਾਰਜ ਗੁਰਮੁਖ ਸਿੰਘ ਲੱਡੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।







