Tuesday, July 14, 2026
Home Punjab Malerkotla ਸਾਫ਼ ਪੀਣਯੋਗ ਪਾਣੀ ਅਤੇ ਸਫ਼ਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ...

ਸਾਫ਼ ਪੀਣਯੋਗ ਪਾਣੀ ਅਤੇ ਸਫ਼ਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦੀ ਸਮੀਖਿਆ ਮੀਟਿੰਗ

0
2

ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ (DWSM) ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸਫ਼ਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਨਿਰੰਤਰ ਉਪਲਬਧਤਾ, ਸਫ਼ਾਈ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸਰਕਾਰੀ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਜੁੜੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਲ ਸਰੋਤਾਂ ਦੀ ਸੰਭਾਲ, ਪਾਣੀ ਦੀ ਸੁਚੱਜੀ ਵਰਤੋਂ ਅਤੇ ਸਫ਼ਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਜ਼ਿਲ੍ਹੇ ਵਿੱਚ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਬੀ.ਡੀ.ਪੀ.ਓ. ਮਾਲੇਰਕੋਟਲਾ ਜਸਮਿੰਦਰ ਸਿੰਘ, ਬੀ.ਡੀ.ਪੀ.ਓ. ਕਰਨਬੀਰ ਸਿੰਘ, ਖੇਤੀਬਾੜੀ ਅਫ਼ਸਰ ਕੁਲਬੀਰ ਸਿੰਘ, ਡਿਪਟੀ ਡੀ.ਈ.ਓ. (ਐਲੀਮੈਂਟਰੀ) ਨਰੇਸ਼ ਕੁਮਾਰ, ਡਿਪਟੀ ਡੀ.ਈ.ਓ. (ਸੈਕੰਡਰੀ) ਕਮਲੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here