ਫਰੀਦਕੋਟ: ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਜਨੇਸ਼ ਉਰਫ਼ ਮੋਂਟੀ ਵਾਸੀ ਬਠਿੰਡਾ ਅਤੇ ਗੁਰਜੰਟ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਨੇੜੇ ਪੁਲਿਸ ਟੀਮ ਵੱਲੋਂ ਕੀਤੀ ਜਾ ਰਹੀ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਾਬੂ ਕੀਤਾ ਗਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਾਕਮ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਜਦੋਂ ਪੁਲਿਸ ਟੀਮ ਪਿੰਡ ਢਿੱਲਵਾਂ ਕਲਾਂ ਨੇੜੇ ਰਾਸ਼ਟਰੀ ਰਾਜਮਾਰਗ ’ਤੇ ਪਹੁੰਚੀ ਤਾਂ ਇੱਕ ਮੋਟਰਸਾਈਕਲ ਕੋਲ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ।
ਪੁਲਿਸ ਅਨੁਸਾਰ ਟੀਮ ਨੂੰ ਦੇਖਦਿਆਂ ਹੀ ਦੋਵੇਂ ਨੌਜਵਾਨ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਜਦੋਂ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਹੈਰੋਇਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕੁੱਲ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਹੜੇ ਇਲਾਕਿਆਂ ਜਾਂ ਵਿਅਕਤੀਆਂ ਨੂੰ ਕੀਤੀ ਜਾਣੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਨਸ਼ਾ ਸਪਲਾਈ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।







