HomeEntertainmentਪਰਮੀਸ਼ ਵਰਮਾ ਹਮਲਾ ਮਾਮਲਾ: ਮੋਹਾਲੀ ਅਦਾਲਤ ਸਖ਼ਤ, ਤਿੰਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਪਰਮੀਸ਼ ਵਰਮਾ ਹਮਲਾ ਮਾਮਲਾ: ਮੋਹਾਲੀ ਅਦਾਲਤ ਸਖ਼ਤ, ਤਿੰਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਐੱਸ.ਏ.ਐੱਸ. ਨਗਰ (ਮੋਹਾਲੀ): ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਤੋਂ ਫਿਰੌਤੀ ਮੰਗਣ ਅਤੇ ਉਨ੍ਹਾਂ ‘ਤੇ ਹੋਏ ਜਾਨਲੇਵਾ ਹਮਲੇ ਨਾਲ ਜੁੜੇ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੇਸ ਦੀ ਸੁਣਵਾਈ ਦੌਰਾਨ ਲਗਾਤਾਰ ਹੋ ਰਹੀ ਦੇਰੀ ਅਤੇ ਗਵਾਹਾਂ ਦੀ ਗੈਰਹਾਜ਼ਰੀ ‘ਤੇ ਨਾਰਾਜ਼ਗੀ ਜਤਾਉਂਦਿਆਂ ਅਦਾਲਤ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (Non-Bailable Warrants) ਜਾਰੀ ਕਰ ਦਿੱਤੇ ਹਨ।

ਅਦਾਲਤ ਵੱਲੋਂ ਜਿਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚ ਗੁਰਕੀਰਤ ਸਿੰਘ, ਏ.ਐੱਸ.ਆਈ. ਸੁਖਪਾਲ ਸਿੰਘ ਅਤੇ ਏ.ਐੱਸ.ਆਈ. ਜਸਪਾਲ ਸਿੰਘ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਗਵਾਹੀ ਲਈ ਵਾਰ-ਵਾਰ ਮੌਕੇ ਦਿੱਤੇ ਜਾਣ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਕੇਸ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤ ਨੇ ਰੂਪਨਗਰ ਰੇਂਜ ਦੇ ਡੀ.ਆਈ.ਜੀ. ਡਾ. ਨਾਨਕ ਸਿੰਘ ਨੂੰ ਵੀ ਵਿਸ਼ੇਸ਼ ਪੱਤਰ ਭੇਜਿਆ ਹੈ। ਇਸ ਵਿੱਚ ਹਦਾਇਤ ਕੀਤੀ ਗਈ ਹੈ ਕਿ ਕੇਸ ਨਾਲ ਸਬੰਧਿਤ ਸਾਰੇ ਅਹਿਮ ਗਵਾਹਾਂ ਅਤੇ ਸਬੂਤਾਂ ਨੂੰ ਸਮੇਂ ਸਿਰ ਅਦਾਲਤ ਵਿੱਚ ਪੇਸ਼ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਮੁਕੱਦਮੇ ਦੀ ਕਾਰਵਾਈ ਵਿੱਚ ਹੋਰ ਦੇਰੀ ਨਾ ਹੋਵੇ।

ਇਸ ਤੋਂ ਇਲਾਵਾ, ਜੇਲ੍ਹ ਵਿੱਚ ਬੰਦ ਮੁੱਖ ਮੁਲਜ਼ਮ ਦਿਲਪ੍ਰੀਤ ਸਿੰਘ ਬਾਬਾ, ਸੁਖਪ੍ਰੀਤ ਬੁੱਢਾ, ਆਸ਼ੀਸ਼ ਅਤੇ ਹਰਜਿੰਦਰ ਸਿੰਘ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਹਨ।

ਅਦਾਲਤ ਨੇ ਆਪਣੇ ਹੁਕਮ ਵਿੱਚ ਦਰਜ ਕੀਤਾ ਕਿ ਇਸ ਮਾਮਲੇ ਵਿੱਚ 18 ਜਨਵਰੀ 2024 ਨੂੰ ਹੀ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਇਸਤਗਾਸਾ ਪੱਖ ਨੂੰ ਕਈ ਮੌਕੇ ਮਿਲਣ ਦੇ ਬਾਅਦ ਵੀ ਸਾਰੇ ਸਬੂਤ ਪੇਸ਼ ਨਹੀਂ ਕੀਤੇ ਗਏ। ਅਦਾਲਤ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਇਸਤਗਾਸਾ ਪੱਖ ਲਈ ਸਬੂਤ ਪੇਸ਼ ਕਰਨ ਦਾ ਆਖ਼ਰੀ ਮੌਕਾ ਹੋਵੇਗਾ ਅਤੇ ਅਗਲੀ ਸੁਣਵਾਈ ਦੌਰਾਨ ਲੋੜੀਂਦੀ ਕਾਰਵਾਈ ਅੱਗੇ ਵਧਾਈ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments