ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਨੇ ਜੰਤਰ-ਮੰਤਰ ‘ਤੇ ਆਪਣਾ ਪ੍ਰਦਰਸ਼ਨ ਮੁੜ ਸ਼ੁਰੂ ਕਰ ਦਿੱਤਾ ਹੈ। ਸੰਸਦ ਭਵਨ ਵੱਲ ਮਾਰਚ ਤੋਂ ਬਾਅਦ ਦਿੱਲੀ ਪੁਲਿਸ ਨੇ ਸੋਮਵਾਰ ਸ਼ਾਮ ਕਰੀਬ 5 ਵਜੇ ਜੰਤਰ-ਮੰਤਰ ਖਾਲੀ ਕਰਵਾ ਦਿੱਤਾ ਸੀ, ਪਰ ਕਰੀਬ ਛੇ ਘੰਟਿਆਂ ਬਾਅਦ ਪ੍ਰਦਰਸ਼ਨਕਾਰੀ ਮੁੜ ਉੱਥੇ ਪਹੁੰਚ ਗਏ। ਸੋਮਵਾਰ ਰਾਤ 11 ਵਜੇ ਤੱਕ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਅਭਿਜੀਤ ਦੀਪਕੇ ਨੇ ਕਿਹਾ ਕਿ ਮੰਗਲਵਾਰ ਨੂੰ ਵੀ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ ਅਤੇ ਪ੍ਰਦਰਸ਼ਨਕਾਰੀ ਜੰਤਰ-ਮੰਤਰ ਨਹੀਂ ਛੱਡਣਗੇ।
ਪ੍ਰਦਰਸ਼ਨਕਾਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਸਮੇਤ ਆਪਣੀਆਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਭਿਜੀਤ ਦੀਪਕੇ ਅਤੇ CJP ਦੇ ਸਮਰਥਕਾਂ ਨੇ ਸੰਸਦ ਵੱਲ ਮਾਰਚ ਕੀਤਾ ਸੀ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਪਿਛਲੇ 14 ਸਾਲਾਂ ਵਿੱਚ ਪਹਿਲੀ ਵਾਰ ਪ੍ਰਦਰਸ਼ਨਕਾਰੀਆਂ ਦੀ ਭੀੜ ਸੰਸਦ ਦੇ ਦਰਵਾਜ਼ੇ ਤੱਕ ਪਹੁੰਚੀ ਹੈ। ਇਸ ਤੋਂ ਪਹਿਲਾਂ ਸਾਲ 2012 ਵਿੱਚ ਨਿਰਭਯਾ ਕਾਂਡ ਦੇ ਵਿਰੋਧ ਦੌਰਾਨ ਇਸ ਇਲਾਕੇ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਹੋਏ ਸਨ।







