ਨਵੀਂ ਦਿੱਲੀ/ਕੋਲਕਾਤਾ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਲਾਨ ਕੀਤਾ ਹੈ ਕਿ ਉਹ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਹੋਣ ਵਾਲੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਅੰਦੋਲਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਤ੍ਰਿਣਮੂਲ ਕਾਂਗਰਸ ਦੇ ਨਾਮ ਜਾਂ ਚੋਣ ਨਿਸ਼ਾਨ ‘ਤੇ ਕੋਈ ਸਵਾਲ ਖੜ੍ਹਾ ਕੀਤਾ ਗਿਆ ਤਾਂ ਉਹ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਸੁਪਰੀਮ ਕੋਰਟ ਦਾ ਰੁਖ ਕਰਨਗੇ। ਦੂਜੇ ਪਾਸੇ, ਪਾਰਟੀ ਤੋਂ ਬਾਹਰ ਕੀਤੇ ਗਏ ਵਿਧਾਇਕ ਰਿਤਬਰਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਨੇ ਵੀ ਭਾਰਤੀ ਚੋਣ ਕਮਿਸ਼ਨ ਅੱਗੇ ਪਾਰਟੀ ਦੇ ਨਾਮ ਅਤੇ ਨਿਸ਼ਾਨ ‘ਤੇ ਆਪਣਾ ਦਾਅਵਾ ਪੇਸ਼ ਕੀਤਾ ਹੈ।
ਕੋਲਕਾਤਾ ਵਿੱਚ 21 ਜੁਲਾਈ ‘ਸ਼ਹੀਦ ਦਿਵਸ’ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਭਾਜਪਾ ਵਿਰੁੱਧ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਜਲਦ ਹੀ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਵੀ ਸ਼ੁਰੂ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਛੱਡ ਚੁੱਕੇ ਜਾਂ ਬਗਾਵਤ ਕਰਨ ਵਾਲੇ ਆਗੂਆਂ ਨੂੰ ਮੁੜ ਸ਼ਾਮਲ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮਮਤਾ ਨੇ ਕਿਹਾ ਕਿ ਜੋ ਲੋਕ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣਾ ਚਾਹੁੰਦੇ ਹਨ, ਉਹ ਜਾਣ ਲਈ ਆਜ਼ਾਦ ਹਨ, ਪਰ ਉਹ ਖੁਦ ਕਿਸੇ ਵੀ ਹਾਲਤ ਵਿੱਚ ਭਾਜਪਾ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ‘ਤੇ ਪੂਰਾ ਭਰੋਸਾ ਹੈ ਅਤੇ ਉਹੀ ਪਾਰਟੀ ਨੂੰ ਨਵੀਂ ਤਾਕਤ ਦੇਣਗੇ।







