ਮਾਲੇਰਕੋਟਲਾ 21 ਜੁਲਾਈ :
ਭੁਰਾਲ ਅਤੇ ਫਿਰੋਜ਼ਪੁਰ ਕੁਠਾਲਾ ਵਿਖੇ ਡਾਕੂਮੈਂਟਰੀ ਦਾ ਪ੍ਰਦਰਸ਼ਨ; 22 ਜੁਲਾਈ ਨੂੰ ਸੰਦੌੜ ਅਤੇ ਫੌਜੇਵਾਲ ਵਿਖੇ ਹੋਵੇਗਾ ਪ੍ਰਦਰਸ਼ਨ
ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਕਸਬਾ ਭੁਰਾਲ ਅਤੇ ਪਿੰਡ ਫਿਰੋਜ਼ਪੁਰ ਕੁਠਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੇ ਸੰਦੇਸ਼ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਡਾਕੂਮੈਂਟਰੀ ਦੇ ਪ੍ਰਦਰਸ਼ਨ ਦੌਰਾਨ ਹਾਜ਼ਰ ਲੋਕਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਪ੍ਰਾਪਤ ਕੀਤੀ।
ਇਸ ਮੌਕੇ ਪਿੰਡ ਭੁਰਾਲ ਦੇ ਸਰਪੰਚ ਸ੍ਰੀ ਬਲਵੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਉਨ੍ਹਾਂ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨੰਂ ਵਿਆਪਕ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਨੂੰ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ, ਆਪਸੀ ਸਦਭਾਵਨਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਅੱਜ ਵੀ ਸਮਾਜ ਵਿੱਚ ਸਾਂਝੀਵਾਲਤਾ, ਸਮਾਨਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਵਰਗੇ ਆਡੀਓ-ਵਿਜ਼ੂਅਲ ਮਾਧਿਅਮਾਂ ਰਾਹੀਂ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ।
ਮੈਂਬਰ ਲਖਵੀਰ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਨੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ ਅਤੇ ਸਰਬ ਸਾਂਝੇ ਸੰਦੇਸ਼ ਨੂੰ ਸਮਝਣ ਦਾ ਵਿਸ਼ੇਸ਼ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਲੋਕਾਂ ਨੂੰ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਸਦਭਾਵਨਾ, ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਿੱਧ ਹੁੰਦੇ ਹਨ।
ਜ਼ਿਕਰਯੋਗ ਹੈ ਕਿ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ 22 ਜੁਲਾਈ ਨੂੰ ਡਾਕੂਮੈਂਟਰੀ ਮਾਲੇਰਕੋਟਲਾ ਬਲਾਕ ਦੇ ਪਿੰਡ ਸੰਦੌੜ ਅਤੇ ਫੌਜੇਵਾਲ ਵਿਖੇ ਪ੍ਰਦਰਸ਼ਿਤ ਕੀਤੀ ਜਾਵੇਗੀ।







