ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਰੋਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਅਤੇ ਪ੍ਰਭਾਵਿਤ ਹੋਏ ਵਿਦਿਆਰਥੀਆਂ ਦੀ ਮਦਦ ਲਈ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਅੱਗੇ ਆਏ ਹਨ। ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ, ਰਹਿਣ ਲਈ ਆਸਰਾ ਅਤੇ ਨਹਾਉਣ-ਧੋਣ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿੱਚ ਵਿਦਿਆਰਥੀਆਂ ਲਈ ਗਰਮ ਚਾਹ ਅਤੇ ਗੁਰੂ ਕਾ ਲੰਗਰ ਨਿਰੰਤਰ ਚੱਲ ਰਿਹਾ ਹੈ। ਸੇਵਾਦਾਰ ਲਗਾਤਾਰ ਲੋੜਵੰਦਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ ਅਤੇ ਇਹ ਪ੍ਰਬੰਧ ਬਿਨਾਂ ਰੁਕਾਵਟ ਜਾਰੀ ਹੈ।
ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਸਮੇਤ ਦਿੱਲੀ ਦੇ ਹੋਰ ਕਈ ਗੁਰਦੁਆਰਾ ਸਾਹਿਬਾਨ ਨੇ ਵੀ ਆਪਣੇ ਦਰਵਾਜ਼ੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਹਨ। ਇੱਥੇ ਰਹਿਣ, ਭੋਜਨ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਲੋੜਵੰਦ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਗੁਰਦੁਆਰਾ ਸਾਹਿਬਾਨ ਵੱਲੋਂ ਕੀਤੀ ਜਾ ਰਹੀ ਇਹ ਮਾਨਵਤਾ ਭਰੀ ਸੇਵਾ ਇੱਕ ਵਾਰ ਫਿਰ ਸਿੱਖ ਪਰੰਪਰਾ ਦੀ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦਰਸਾਉਂਦੀ ਹੈ।







