Home Punjab ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਵੱਡਾ ਹੁੰਗਾਰਾ, 70 ਲੱਖ ਤੋਂ ਵੱਧ ਔਰਤਾਂ...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਵੱਡਾ ਹੁੰਗਾਰਾ, 70 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

0
2

ਚੰਡੀਗੜ੍ਹ: ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 70 ਲੱਖ ਦਾ ਅੰਕੜਾ ਪਾਰ ਕਰ ਗਈ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ। ਸਰਕਾਰ ਨੇ ਸ਼ੁਰੂਆਤੀ ਤੌਰ ‘ਤੇ ਕਰੀਬ 52 ਲੱਖ ਲਾਭਪਾਤਰੀਆਂ ਦਾ ਟੀਚਾ ਰੱਖਿਆ ਸੀ, ਪਰ ਮਿਲੇ ਭਰਵੇਂ ਹੁੰਗਾਰੇ ਕਾਰਨ ਇਹ ਗਿਣਤੀ ਕਾਫ਼ੀ ਵੱਧ ਗਈ ਹੈ।

ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਵਿੱਚ 37 ਲੱਖ ਤੋਂ ਵੱਧ ਔਰਤਾਂ ਨੇ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ, ਜਦਕਿ ਜੂਨ ਮਹੀਨੇ ਦੌਰਾਨ 33 ਲੱਖ ਦੇ ਕਰੀਬ ਮਹਿਲਾਵਾਂ ਨੇ ਆਪਣਾ ਨਾਮ ਦਰਜ ਕਰਵਾਇਆ। ਦੋ ਮਹੀਨਿਆਂ ਵਿੱਚ ਹੀ ਰਜਿਸਟ੍ਰੇਸ਼ਨਾਂ ਦੀ ਗਿਣਤੀ 70 ਲੱਖ ਤੋਂ ਪਾਰ ਪਹੁੰਚ ਗਈ ਹੈ।

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ 66 ਹਲਕਿਆਂ ਵਿੱਚ ਇਸ ਯੋਜਨਾ ਤਹਿਤ 50 ਹਜ਼ਾਰ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸਭ ਤੋਂ ਵੱਧ ਰਜਿਸਟ੍ਰੇਸ਼ਨ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਦਰਜ ਕੀਤੀ ਗਈ, ਜਿੱਥੇ 87,460 ਮਹਿਲਾਵਾਂ ਨੇ ਯੋਜਨਾ ਦਾ ਲਾਭ ਲੈਣ ਲਈ ਅਰਜ਼ੀ ਦਿੱਤੀ। ਇਸ ਤੋਂ ਬਾਅਦ ਸਨੌਰ ਹਲਕਾ ਦੂਜੇ ਸਥਾਨ ‘ਤੇ ਰਿਹਾ, ਜਿੱਥੇ 84,111 ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ।

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ 63,036 ਮਹਿਲਾਵਾਂ ਨੇ ਯੋਜਨਾ ਤਹਿਤ ਆਪਣਾ ਨਾਮ ਦਰਜ ਕਰਵਾਇਆ। ਦੂਜੇ ਪਾਸੇ, ਸਭ ਤੋਂ ਘੱਟ ਰਜਿਸਟ੍ਰੇਸ਼ਨ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਈ, ਜਿੱਥੇ 30,073 ਔਰਤਾਂ ਨੇ ਯੋਜਨਾ ਲਈ ਅਰਜ਼ੀ ਦਿੱਤੀ।

ਯੋਜਨਾ ਤਹਿਤ ਪੰਜਾਬ ਸਰਕਾਰ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸਰਕਾਰ ਨੇ 1 ਜੁਲਾਈ ਨੂੰ 32.96 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਦੀ ਪਹਿਲੀ ਕਿਸ਼ਤ ਸਿੱਧੀ ਟਰਾਂਸਫਰ ਕੀਤੀ ਸੀ।

ਇਸ ਯੋਜਨਾ ਲਈ ਪੰਜਾਬ ਸਰਕਾਰ ਹੁਣ ਤੱਕ 1,149.59 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਸਰਕਾਰ ਦਾ ਕਹਿਣਾ ਹੈ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here