Home Punjab ਭਾਰੀ ਮੀਂਹ ਨੇ ਅੰਮ੍ਰਿਤਸਰ ਨੂੰ ਕੀਤਾ ਜਲ-ਥਲ, 104 ਮਿ.ਮੀ. ਬਾਰਿਸ਼ ਨਾਲ ਜਨਜੀਵਨ...

ਭਾਰੀ ਮੀਂਹ ਨੇ ਅੰਮ੍ਰਿਤਸਰ ਨੂੰ ਕੀਤਾ ਜਲ-ਥਲ, 104 ਮਿ.ਮੀ. ਬਾਰਿਸ਼ ਨਾਲ ਜਨਜੀਵਨ ਪ੍ਰਭਾਵਿਤ

ਭਾਰੀ ਮੀਂਹ ਨਾਲ ਜਲਭਰਾਅ, ਆਵਾਜਾਈ ਪ੍ਰਭਾਵਿਤ।

0
5

ਅੰਮ੍ਰਿਤਸਰ ਵਿੱਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸ਼ਹਿਰ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕਰੀਬ 104 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਪ੍ਰਭਾਵਿਤ ਰਹੀ। ਹਾਲਾਂਕਿ ਇਸ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਵੀ ਮਿਲੀ।

ਭਾਰੀ ਬਾਰਿਸ਼ ਕਾਰਨ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਹੈਰੀਟੇਜ ਸਟਰੀਟ ਸਮੇਤ ਕਈ ਮੁੱਖ ਸੜਕਾਂ ਪਾਣੀ ਨਾਲ ਭਰ ਗਈਆਂ। ਕਈ ਥਾਵਾਂ ‘ਤੇ ਪਾਣੀ ਦੀ ਨਿਕਾਸੀ ਵਿੱਚ ਸਮਾਂ ਲੱਗਣ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਰਹੀ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਵੇਰੇ ਮੀਂਹ ਦੇ ਚੱਲਦਿਆਂ ਕੁਝ ਸਕੂਲਾਂ ਨੇ ਵਿਦਿਆਰਥੀਆਂ ਨੂੰ ਜਲਦੀ ਛੁੱਟੀ ਵੀ ਦੇ ਦਿੱਤੀ।

ਇਸ ਦੌਰਾਨ ਸ਼ਹਿਰ ਦੇ ਅੰਦਰੂਨੀ ਇਲਾਕੇ ਵਿੱਚ ਇੱਕ ਖਸਤਾ ਹਾਲਤ ਇਮਾਰਤ ਮੀਂਹ ਕਾਰਨ ਢਹਿ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ।

ਮੀਂਹ ਤੋਂ ਬਾਅਦ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਡਾ. ਅਜੈ ਗੁਪਤਾ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸੜਕਾਂ ‘ਤੇ ਉਤਰੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਪਾਣੀ ਦੀ ਨਿਕਾਸੀ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਭਾਰੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦਿਆਂ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਵੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਲੋੜ ਤੋਂ ਬਿਨਾਂ ਜਲਭਰਾਅ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨ ਅਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here