ਅੱਜ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, 27 ਜੁਲਾਈ ਤੋਂ ਮੀਂਹ ਦੀ ਰਫ਼ਤਾਰ ਫਿਰ ਹੋਵੇਗੀ ਤੇਜ਼।
ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਸ਼ਨੀਵਾਰ ਸਵੇਰ ਤੋਂ ਪਠਾਨਕੋਟ ਅਤੇ ਜਲੰਧਰ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਪੂਰਥਲਾ ਵਿੱਚ ਸਭ ਤੋਂ ਵੱਧ 40 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
ਮੌਸਮ ਵਿਭਾਗ ਦੇ ਅਨੁਸਾਰ, 25 ਅਤੇ 26 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 27 ਜੁਲਾਈ ਤੋਂ ਮਾਨਸੂਨ ਹੋਰ ਸਰਗਰਮ ਹੋਵੇਗਾ ਅਤੇ ਬਾਰਿਸ਼ ਦੀ ਤੀਬਰਤਾ ਵਧਣ ਦੀ ਉਮੀਦ ਹੈ।
ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ 28 ਅਤੇ 29 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਨੂੰ ਲੈ ਕੇ ਸੰਤਰੀ (Orange) ਅਲਰਟ ਜਾਰੀ ਕੀਤਾ ਹੈ। 30 ਜੁਲਾਈ ਨੂੰ ਵੀ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਆਮ ਦੇ ਨੇੜੇ ਹੀ ਰਿਹਾ। ਫਰੀਦਕੋਟ 36.5 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।






