Home Punjab ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਭਰ ਵਿੱਚ ਸਫ਼ਾਈ ਕਾਮਿਆਂ ਦਾ ਰੋਸ,...

ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਭਰ ਵਿੱਚ ਸਫ਼ਾਈ ਕਾਮਿਆਂ ਦਾ ਰੋਸ, ਕਈ ਥਾਵਾਂ ‘ਤੇ ਹੜਤਾਲ ਤੇ ਪ੍ਰਦਰਸ਼ਨ

ਕਈ ਸ਼ਹਿਰਾਂ ਵਿੱਚ ਹੜਤਾਲ ਤੇ ਪ੍ਰਦਰਸ਼ਨ

0
34

ਬਰਨਾਲਾ ਵਿੱਚ ਸਫ਼ਾਈ ਕਾਮਿਆਂ ਅਤੇ ਵਾਲਮੀਕ ਸਮਾਜ ਦੇ ਮੈਂਬਰਾਂ ‘ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪਠਾਨਕੋਟ ਵਿੱਚ ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਅੱਗੇ ਰੈਲੀ ਕੀਤੀ ਗਈ। ਇਸ ਤੋਂ ਬਾਅਦ ਵਾਲਮੀਕ ਚੌਕ ਵਿੱਚ ਧਰਨਾ ਲਗਾ ਕੇ ਏਪੀਕੇ ਰੋਡ ‘ਤੇ ਆਵਾਜਾਈ ਰੋਕੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਯੂਨੀਅਨ ਦੇ ਪੰਜਾਬ ਪ੍ਰਧਾਨ ਰਮੇਸ਼ ਕੱਟੋ ਨੇ ਦੋਸ਼ ਲਾਇਆ ਕਿ ਬਰਨਾਲਾ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਾਮਿਆਂ ਅਤੇ ਮਹਿਲਾਵਾਂ ‘ਤੇ ਪੁਲੀਸ ਨੇ ਬੇਵਜ੍ਹਾ ਤਾਕਤ ਵਰਤੀ ਹੈ। ਉਨ੍ਹਾਂ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਜਲੰਧਰ ਦੇ ਕਰਤਾਰਪੁਰ ਵਿੱਚ ਵੀ ਸਫ਼ਾਈ ਸੇਵਕ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਡੀਐੱਸਪੀ ਬਰਨਾਲਾ, ਐੱਸਐੱਚਓ ਅਤੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਕਰਤਾਰਪੁਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਗਏ।

ਸੁਲਤਾਨਪੁਰ ਲੋਧੀ, ਸ਼ਾਹਕੋਟ, ਮਲਸੀਆਂ, ਨਕੋਦਰ, ਮਹਿਤਪੁਰ, ਲੋਹੀਆਂ ਖਾਸ ਅਤੇ ਫਿਲੌਰ ਵਿੱਚ ਵੀ ਸਫ਼ਾਈ ਕਰਮਚਾਰੀਆਂ ਅਤੇ ਮਜ਼ਦੂਰ ਜਥੇਬੰਦੀਆਂ ਨੇ ਰੋਸ ਵਿਖਾਵੇ ਕੀਤੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਨਹੀਂ ਹੁੰਦੀ ਅਤੇ ਸਫ਼ਾਈ ਕਾਮਿਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਮਹਿਤਪੁਰ ਵਿੱਚ ਹੜਤਾਲ 17ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਨੇ ਵੀ ਸਫ਼ਾਈ, ਸੀਵਰੇਜ ਅਤੇ ਜਲ ਸਪਲਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਮੰਗਾਂ ਮੰਨਣ ਦੀ ਅਪੀਲ ਕੀਤੀ। ਕਮੇਟੀ ਨੇ ਕਿਹਾ ਕਿ ਮਜ਼ਦੂਰਾਂ ‘ਤੇ ਪੁਲੀਸ ਕਾਰਵਾਈ ਲੋਕਤੰਤਰਿਕ ਹੱਕਾਂ ਦਾ ਹਨਨ ਹੈ।

ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਸਰਕਾਰ ਦੀ ਆਲੋਚਨਾ ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ, ਜਦਕਿ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here