Home Punjab ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਕੀਤਾ ਫੈਸਲਾ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਕੀਤਾ ਫੈਸਲਾ

0
2

ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਛੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਹਟਾ ਕੇ ਸਬੰਧਤ ਥਾਣਿਆਂ ਵਿੱਚ ਡਿਊਟੀ ‘ਤੇ ਭੇਜਣ ਦੀ ਬੇਨਤੀ ਕੀਤੀ ਹੈ।

ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ, ਖ਼ਾਸ ਕਰਕੇ ਸੁਲਤਾਨਪੁਰ ਲੋਧੀ, ਵਿੱਚ ਲੁੱਟ-ਖੋਹ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਪੁਲਿਸ ਬਲ ਦੀ ਵੱਧ ਲੋੜ ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਹੈ, ਨਾ ਕਿ ਉਨ੍ਹਾਂ ਵਰਗੇ ਜਨ-ਪ੍ਰਤਿਨਿਧੀਆਂ ਦੀ ਨਿੱਜੀ ਸੁਰੱਖਿਆ ਲਈ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਜਵਾਨਾਂ ਨੂੰ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਤਾਇਨਾਤ ਕੀਤਾ ਜਾਂਦਾ ਹੈ ਤਾਂ ਇਹ ਸਮਾਜ ਦੇ ਵੱਡੇ ਹਿੱਤ ਵਿੱਚ ਹੋਵੇਗਾ। ਇਸ ਲਈ ਉਨ੍ਹਾਂ ਡੀਜੀਪੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਤੁਰੰਤ ਵਾਪਸ ਲੈ ਕੇ ਇਹ ਜਵਾਨ ਉਨ੍ਹਾਂ ਖੇਤਰਾਂ ਵਿੱਚ ਭੇਜੇ ਜਾਣ ਜਿੱਥੇ ਪੁਲਿਸ ਦੀ ਵਧੇਰੇ ਲੋੜ ਹੈ।

ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੁਲਾਈ 2022 ਵਿੱਚ ਰਾਜ ਸਭਾ ਮੈਂਬਰ ਬਣੇ ਸਨ। ਉਹ ਵਾਤਾਵਰਣ ਸੰਭਾਲ, ਕਾਲੀ ਬੇਈਂ ਅਤੇ ਹੋਰ ਦਰਿਆਵਾਂ ਦੀ ਸਫ਼ਾਈ, ਜਲ ਸੰਭਾਲ ਅਤੇ ਸਮਾਜਿਕ ਸੁਧਾਰ ਦੇ ਖੇਤਰ ਵਿੱਚ ਆਪਣੇ ਵਿਲੱਖਣ ਯੋਗਦਾਨ ਲਈ ਦੇਸ਼-ਵਿਦੇਸ਼ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਦਾ ਇਹ ਫ਼ੈਸਲਾ ਸਰਕਾਰੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਦਾ ਸੰਦੇਸ਼ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here