ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਸੰਵਿਧਾਨਕ ਅਧਿਕਾਰ ਹੈ ਅਤੇ ਸਿਰਫ਼ ਅੰਦੋਲਨ ਹੋਣ ਦੇ ਆਧਾਰ ‘ਤੇ ਲਾਠੀਚਾਰਜ ਜਾਂ ਲੋੜ ਤੋਂ ਵੱਧ ਤਾਕਤ ਦੀ ਵਰਤੋਂ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਲੋਕਤੰਤਰ ਵਿੱਚ ਅੰਦੋਲਨ ਹੁੰਦੇ ਰਹਿਣਗੇ, ਇਸ ਲਈ ਅਜਿਹੇ ਮਾਮਲਿਆਂ ਵਿੱਚ ਪੁਲਿਸ ਕਾਰਵਾਈ ਲਈ ਦੇਸ਼-ਪੱਧਰੀ ਸਪੱਸ਼ਟ ਦਿਸ਼ਾ-ਨਿਰਦੇਸ਼ ਬਣਾਉਣ ਦੀ ਲੋੜ ਹੈ।
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਜੇ ਕਿਸੇ ਅਧਿਕਾਰੀ ਨੇ ਲੋੜ ਤੋਂ ਵੱਧ ਬਲ ਦੀ ਵਰਤੋਂ ਕੀਤੀ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਜਵਾਬਦੇਹੀ ਤੋਂ ਬਿਨਾਂ ਜਾਂਚ ਦਾ ਕੋਈ ਅਰਥ ਨਹੀਂ ਰਹਿੰਦਾ।
ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਸਿਰਫ਼ ਦਿੱਲੀ ਤੱਕ ਸੀਮਤ ਨਹੀਂ ਹੈ, ਸਗੋਂ ਮੱਧ ਪ੍ਰਦੇਸ਼, ਨਾਗਪੁਰ, ਬਿਹਾਰ ਸਮੇਤ ਕਈ ਰਾਜਾਂ ਵਿੱਚ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਪੁਲਿਸ ਕਾਰਵਾਈ ਨਾਲ ਜੁੜਿਆ ਹੋਇਆ ਹੈ। ਪਟੀਸ਼ਨਾਂ ਵਿੱਚ ਪੈਲੇਟ ਗੰਨ, ਇਲੈਕਟ੍ਰਿਕ ਬੈਟਨ, ਲਾਠੀਚਾਰਜ, ਅੱਥਰੂ ਗੈਸ ਦੀ ਵਰਤੋਂ ਅਤੇ ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ। ਅਦਾਲਤ ਨੇ ਇਨ੍ਹਾਂ ਦੋਸ਼ਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਪਟੀਸ਼ਨਾਂ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ। ਇਸ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਕਰਮਚਾਰੀਆਂ ਵੱਲੋਂ ਹਿੰਸਾ, ਇਲੈਕਟ੍ਰਿਕ ਸ਼ੌਕ ਵਾਲੇ ਹਥਿਆਰਾਂ ਦੀ ਵਰਤੋਂ, ਮਹਿਲਾਵਾਂ ਨਾਲ ਦੁਰਵਿਹਾਰ ਅਤੇ ਸੀਨੀਅਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਦੌਰਾਨ ਅਦਾਲਤ ਨੇ ਨਾਬਾਲਗ ਵਿਦਿਆਰਥੀਆਂ ਦੀ ਰਿਹਾਈ, ਡਿਜ਼ਿਟਲ ਸਬੂਤ ਸੁਰੱਖਿਅਤ ਰੱਖਣ ਅਤੇ ਪੁਲਿਸ ਕਾਰਵਾਈ ਦੀ ਜਾਂਚ ਲਈ ਸੁਤੰਤਰ ਪ੍ਰਬੰਧ ‘ਤੇ ਵੀ ਵਿਚਾਰ ਕੀਤਾ ਹੈ।






