ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਦਸਤਾਵੇਜ਼ੀਫ਼ਿਲਮ ਦੇਖਣ ਦੀ ਅਪੀਲ
- 30ਜੁਲਾਈ ਨੂੰ ਪਿੰਡ ਭੂਦਨ ਅਤੇ ਤੱਖਰ ਕਲਾਂ ਅਤੇ31 ਜੁਲਾਈ ਨੂੰ ਬੁੱਕਣਵਾਲ ਅਤੇ ਰੁੜਕਾ ਵਿਖੇ ਹੋਵੇਗਾ ਵਿਸ਼ੇਸ਼ ਪ੍ਰਦਰਸ਼ਨ, ਹਲਕੇ ਦੇ ਹਰੇਕ ਪਿੰਡ ਤੱਕ ਪਹੁੰਚੇਗੀ ਇਹ ਜਾਗਰੂਕਤਾ ਮੁਹਿੰਮ
ਮਾਲੇਰਕੋਟਲਾ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਮਾਲੇਰਕੋਟਲਾ ਹਲਕੇ ਦੇ ਹੁਣ ਤੱਕ 45 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸੰਘਰਸ਼, ਫ਼ਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਸਫ਼ਲ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ। ਇਸ ਫ਼ਿਲਮ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ, ਮਿਹਨਤ, ਸੱਚ ਅਤੇ ਸਮਾਜਿਕ ਨਿਆਂ ਦੇ ਸਰਵਕਾਲੀ ਸੰਦੇਸ਼ ਨਾਲ ਜੋੜਿਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਆਧਿਆਤਮਿਕ ਅਤੇ ਸਮਾਜਿਕ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸਮਾਨਤਾ, ਸਦਭਾਵਨਾ, ਮਾਨਵਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹੈ ਅਤੇ ਇਹ ਸਮਾਜ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੀ ਮਜ਼ਬੂਤ ਨੀਂਹ ਪ੍ਰਦਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਬਾਈਲ ਐਲ.ਈ.ਡੀ. ਵੈਨਾਂ ਰਾਹੀਂ ਇਹ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਸੂਬੇ ਦੇ ਹਜ਼ਾਰਾਂ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ, ਜਿਸ ਤਹਿਤ ਮਾਲੇਰਕੋਟਲਾ ਹਲਕੇ ਦੇ ਹਰੇਕ ਪਿੰਡ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਪਿੰਡ ਭੂਦਨ ਅਤੇ ਤੱਖਰ ਕਲਾਂ ਅਤੇ ਮਿਤੀ 31 ਜੁਲਾਈ ਨੂੰ ਬੁੱਕਣਵਾਲ ਅਤੇ ਰੁੜਕਾ ਵਿਖੇ ਵੀ ਸ਼ਾਮ ਦੇ ਸਮੇਂ ਇਸ ਦਸਤਾਵੇਜ਼ੀ ਫ਼ਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਜਾਵੇਗਾ ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਸਮੂਹ ਪਿੰਡ ਵਾਸੀਆਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੇਰਣਾਦਾਇਕ ਦਸਤਾਵੇਜ਼ੀ ਫ਼ਿਲਮ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦੇਖਣ ਲਈ ਪਹੁੰਚਣ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਫ਼ਿਲਮ ਸਿਰਫ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਬਾਰੇ ਜਾਣਕਾਰੀ ਹੀ ਨਹੀਂ ਦਿੰਦੀ, ਸਗੋਂ ਸਮਾਜਿਕ ਬਰਾਬਰੀ, ਮਨੁੱਖੀ ਕਦਰਾਂ-ਕੀਮਤਾਂ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਵੀ ਘਰ-ਘਰ ਤੱਕ ਪਹੁੰਚਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।






