ਪੰਜਾਬ: ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 30 ਅਤੇ 31 ਜੁਲਾਈ ਲਈ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 1 ਅਗਸਤ ਤੋਂ 4 ਅਗਸਤ ਤੱਕ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ। ਇਸ ਵਾਰ ਜੁਲਾਈ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਕਰੀਬ 24 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ, ਪਰ ਮੌਸਮ ਮਾਹਿਰਾਂ ਨੂੰ ਉਮੀਦ ਹੈ ਕਿ ਅਗਸਤ ਦੇ ਪਹਿਲੇ ਹਫ਼ਤੇ ਮਾਨਸੂਨ ਮੁੜ ਰਫ਼ਤਾਰ ਫੜੇਗਾ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ ਕਰੀਬ 1 ਡਿਗਰੀ ਸੈਲਸੀਅਸ ਵਧਿਆ। ਫਰੀਦਕੋਟ 38.1 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲਾ ਮੀਂਹ ਗਰਮੀ ਤੋਂ ਰਾਹਤ ਦੇਵੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 49.8 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 46 ਮਿਲੀਮੀਟਰ, ਚੰਡੀਗੜ੍ਹ ਵਿੱਚ 45.6 ਮਿਲੀਮੀਟਰ, ਮੁਹਾਲੀ ਵਿੱਚ 28.5 ਮਿਲੀਮੀਟਰ, ਫਰੀਦਕੋਟ ਵਿੱਚ 23 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 17.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ 17.5 ਮਿਲੀਮੀਟਰ, ਬੱਲੋਵਾਲ ਸੌਂਖੜੀ ਵਿੱਚ 15.3 ਮਿਲੀਮੀਟਰ ਅਤੇ ਕੇ.ਵੀ.ਕੇ. ਪਠਾਨਕੋਟ ਵਿੱਚ 8.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਚੰਡੀਗੜ੍ਹ ਵਿੱਚ 1 ਜੂਨ ਤੋਂ 29 ਜੁਲਾਈ ਤੱਕ ਕੁੱਲ 337.2 ਮਿਲੀਮੀਟਰ ਮੀਂਹ ਪਿਆ ਹੈ, ਜੋ ਆਮ ਨਾਲੋਂ ਲਗਭਗ 17 ਫੀਸਦੀ ਘੱਟ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।






