ਖੰਨਾ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮਰਾਲਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਹਾਈਵੇ ‘ਤੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਉਰਫ਼ ਦੀਪਾ ਵਾਸੀ ਮਾਨੂਪੁਰ, ਥਾਣਾ ਸਮਰਾਲਾ ਵਜੋਂ ਹੋਈ ਹੈ।
ਪੁਲਿਸ ਅਨੁਸਾਰ SSP ਖੰਨਾ ਡਾ. ਦਰਪਣ ਆਹਲੂਵਾਲੀਆ (IPS) ਅਤੇ SP (D) ਪਵਨਜੀਤ ਦੇ ਦਿਸ਼ਾ-ਨਿਰਦੇਸ਼ਾਂ ਹੇਠ SHO ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ASI ਸੁਖਵਿੰਦਰ ਸਿੰਘ ਦੀ ਟੀਮ ਹਾਈਵੇ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਦਲਜੀਤ ਸਿੰਘ ਉਰਫ਼ ਦੀਪਾ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਮੁਲਜ਼ਮ ਵਿਰੁੱਧ ਥਾਣਾ ਸਮਰਾਲਾ ਵਿੱਚ NDPS ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਤੋਂ ਹੀ NDPS ਐਕਟ ਅਤੇ ਐਕਸਾਈਜ਼ ਐਕਟ ਤਹਿਤ ਕਰੀਬ 8 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਉਹ ਨਸ਼ੇ ਦੀ ਸਪਲਾਈ ਕਿਸ ਨੈੱਟਵਰਕ ਰਾਹੀਂ ਕਰ ਰਿਹਾ ਸੀ।






