ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਅੱਤਵਾਦੀ ਹਮਲੇ ਤੋਂ ਬਾਅਦ ਹੋਈ ਗੋਲੀਬਾਰੀ ‘ਚ 4 ਸੁਰੱਖਿਆ ਜਵਾਨ ਸ਼ਹੀਦ ਹੋ ਗਏ ਹਨ। ਬੀਤੇ ਦਿਨ ਡੇਸਾ ਇਲਾਕੇ ‘ਚ ਹਥਿਆਰਬੰਦ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ‘ਚ ਫੌਜ ਦੇ ਇਕ ਜਵਾਨ ਸਮੇਤ 5 ਸੁਰੱਖਿਆ ਅਧਿਕਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਆਪਰੇਸ਼ਨ ਆਰਮੀ, ਸੀ.ਆਰ.ਪੀ.ਐਫ. ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਇੱਕ ਜਾਂ ਦੋ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਅੱਤਵਾਦੀਆਂ ਨੂੰ ਹਨੇਰੇ ਅਤੇ ਸੰਘਣੇ ਜੰਗਲ ਦਾ ਫਾਇਦਾ ਉਠਾ ਕੇ ਭੱਜਣ ਤੋਂ ਰੋਕਣ ਲਈ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਹਾਲ ਹੀ ‘ਚ ਕਠੂਆ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀਆਂ ਟੀਮਾਂ ਜੰਮੂ ਖੇਤਰ ਦੇ ਵੱਖ-ਵੱਖ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਇਸ ਸਬੰਧ ‘ਚ ਡੋਡਾ ਦੇ ਸੰਘਣੇ ਜੰਗਲਾਂ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ।