ਅੰਮ੍ਰਿਤਸਰ: ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਕਥਿਤ ਤੌਰ ‘ਤੇ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ 15 ਅਗਸਤ ਦੇ ਮੌਕੇ ‘ਤੇ ਇੱਕ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਦਾਅਵੇ ਦੀ ਜਾਂਚ ਜਾਰੀ ਹੈ।
ਪੁਲਿਸ ਅਨੁਸਾਰ, ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਅਜਨਾਲਾ ਇਲਾਕੇ ਵਿੱਚ ਕਾਰਵਾਈ ਕਰਕੇ ਚਾਰਾਂ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਦੇ ਤਾਰ ਏਐਸਆਈ ਜੋਗਾ ਸਿੰਘ ਦੇ ਕਤਲ ਅਤੇ ਖਾਸਾ ਆਰਮੀ ਖੇਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਨਾਲ ਵੀ ਜੁੜੇ ਹੋ ਸਕਦੇ ਹਨ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ, ਮਨਦੀਪ ਸਿੰਘ, ਸੁਖਦੀਪ ਸਿੰਘ ਅਤੇ ਪ੍ਰਦੀਪ ਸਿੰਘ ਵਜੋਂ ਹੋਈ ਹੈ। ਚਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਮਦਾਸ ਇਲਾਕੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਅਧਿਕਾਰੀਆਂ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹੋਰ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ।






