ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਨਸਲਕੁਸ਼ੀ ਮਾਮਲੇ ਨਾਲ ਜੁੜੇ ਇੱਕ ਅਹੰਮ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਹ ਕੇਸ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਸੀ। ਅਦਾਲਤ ਨੇ ਸਬੂਤਾਂ ਦੀ ਘਾਟ ਦੇ ਆਧਾਰ ‘ਤੇ ਇਹ ਫ਼ੈਸਲਾ ਸੁਣਾਇਆ, ਕਿਉਂਕਿ ਕੇਸ ਦਾ ਮੁੱਖ ਗਵਾਹ ਬਿਆਨ ਦਰਜ ਹੋਣ ਤੋਂ ਪਹਿਲਾਂ ਹੀ ਦਿਹਾਂਤ ਕਰ ਗਿਆ ਸੀ।
ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਦਸੰਬਰ ਵਿੱਚ ਪੂਰੀ ਹੋ ਚੁੱਕੀ ਸੀ ਅਤੇ 22 ਜਨਵਰੀ ਲਈ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਹਾਲਾਂਕਿ ਇਸ ਕੇਸ ਤੋਂ ਬਰੀ ਹੋਣ ਦੇ ਬਾਵਜੂਦ ਸੱਜਣ ਕੁਮਾਰ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ, ਕਿਉਂਕਿ ਉਹ ਪਹਿਲਾਂ ਹੀ ਦੋ ਹੋਰ 1984 ਸਿੱਖ ਦੰਗਾ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਜ਼ਿਕਰਯੋਗ ਹੈ ਕਿ ਫਰਵਰੀ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਹੋਈ ਹਿੰਸਾ ਸਬੰਧੀ ਸ਼ਿਕਾਇਤਾਂ ਦੇ ਆਧਾਰ ‘ਤੇ ਸੱਜਣ ਕੁਮਾਰ ਵਿਰੁੱਧ ਦੋ ਐੱਫ.ਆਈ.ਆਰ. ਦਰਜ ਕੀਤੀਆਂ ਸਨ। ਜਨਕਪੁਰੀ ਮਾਮਲੇ ਵਿੱਚ 1 ਨਵੰਬਰ 1984 ਨੂੰ ਸੋਹਣ ਸਿੰਘ ਅਤੇ ਉਨ੍ਹਾਂ ਦੇ ਜਵਾਈ ਅਵਤਾਰ ਸਿੰਘ ਦੀ ਹੱਤਿਆ ਹੋਈ ਸੀ, ਜਦਕਿ ਵਿਕਾਸਪੁਰੀ ਮਾਮਲੇ ਵਿੱਚ ਗੁਰਚਰਨ ਸਿੰਘ ਨੂੰ 2 ਨਵੰਬਰ 1984 ਨੂੰ ਜਿੰਦਾ ਸਾੜੇ ਜਾਣ ਦਾ ਦੋਸ਼ ਸੀ।
ਅਦਾਲਤੀ ਫ਼ੈਸਲੇ ਤੋਂ ਬਾਅਦ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਫ਼ੈਸਲੇ ਨੇ ਪੀੜਤ ਪਰਿਵਾਰਾਂ ਨੂੰ ਗਹਿਰਾ ਮਾਨਸਿਕ ਦੁੱਖ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਇਤਿਹਾਸ ਵਿੱਚ ਇੱਕ ਘੱਲੂਘਾਰਾ ਹੈ ਅਤੇ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਪੀੜਤਾਂ ਲਈ ਇਹ ਫ਼ੈਸਲਾ ਬਹੁਤ ਪੀੜਾਦਾਇਕ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜਖ਼ਮਾਂ ‘ਤੇ ਲੂਣ ਛਿੜਕਣ ਵਰਗਾ ਹੈ। ਉਨ੍ਹਾਂ ਨੇ ਨਿਆਂ ਪ੍ਰਣਾਲੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਇਕਸਾਰ ਨਹੀਂ ਦਿੱਸਦਾ।
ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ ਹੱਤਿਆ ਦੀ ਕੋਸ਼ਿਸ਼ ਨਾਲ ਜੁੜੇ ਚੌਥੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂ ਆਤਮਾ ਸਿੰਘ ਲੁਬਾਣਾ ਨੇ ਵੀ ਕਿਹਾ ਕਿ ਮੁੱਖ ਗਵਾਹ ਦੀ ਮੌਤ ਕਾਰਨ ਸੱਜਣ ਕੁਮਾਰ ਨੂੰ ਫ਼ਾਇਦਾ ਮਿਲਿਆ ਹੈ ਅਤੇ ਫ਼ੈਸਲੇ ਵਿਰੁੱਧ ਅਪੀਲ ਕੀਤੀ ਜਾਵੇਗੀ।
ਪੀੜਤ ਪਰਿਵਾਰਾਂ ਦਾ ਦਰਦ ਵੀ ਅਦਾਲਤ ਦੇ ਬਾਹਰ ਸਾਫ਼ ਨਜ਼ਰ ਆਇਆ। ਇੱਕ ਪੀੜਤ ਪਰਿਵਾਰਕ ਮੈਂਬਰ ਫ਼ੈਸਲਾ ਸੁਣ ਕੇ ਫੁੱਟ-ਫੁੱਟ ਕੇ ਰੋ ਪਿਆ ਅਤੇ ਕਿਹਾ ਕਿ ਸਾਡੇ 11 ਲੋਕ ਮਾਰੇ ਗਏ, ਫਿਰ ਵੀ ਸਾਨੂੰ ਇਨਸਾਫ਼ ਨਹੀਂ ਮਿਲਿਆ। ਇੱਕ ਹੋਰ ਪੀੜਤ, ਜਿਸ ਨੇ ਆਪਣੇ ਪਰਿਵਾਰ ਦੇ 10 ਮੈਂਬਰ ਗੁਆਏ, ਨੇ ਕਿਹਾ ਕਿ ਉਹ ਸੁਪਰੀਮ ਕੋਰਟ ਤੱਕ ਲੜਾਈ ਲੜਨਗੇ।
ਭਾਜਪਾ ਆਗੂ ਨੀਲਕੰਠ ਬਖ਼ਸ਼ੀ ਨੇ ਵੀ ਟਵੀਟ ਕਰਕੇ ਇਸ ਫ਼ੈਸਲੇ ਨੂੰ 41 ਸਾਲਾਂ ਬਾਅਦ ਪੀੜਤਾਂ ਨਾਲ ਵੱਡੀ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਸਿੱਖ ਭਾਈਚਾਰੇ ਨਾਲ ਇਕਜੁੱਟ ਹੋ ਕੇ ਸੱਚੇ ਨਿਆਂ ਦੀ ਮੰਗ ਕਰਨ ਦੀ ਅਪੀਲ ਕੀਤੀ।







