ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਸਬੰਧੀ ਦਾਇਰ ਕੀਤੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ 15 ਦਿਨਾਂ ਦੇ ਅੰਦਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ ਦੀ ਰਕਮ ਜਾਰੀ ਕਰੇ।
ਕਾਰਜਕਾਰੀ ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਵੱਲੋਂ ਦਿੱਤੇ ਗਏ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਦਾਇਰ ਲੈਟਰਜ਼ ਪੇਟੈਂਟ ਅਪੀਲਾਂ (ਐਲਪੀਏ ਨੰਬਰ 1249/2026 ਅਤੇ 1437/2026) ਨੂੰ ਰੱਦ ਕਰ ਦਿੱਤਾ।
ਇਸ ਫ਼ੈਸਲੇ ਨਾਲ ਹਾਈ ਕੋਰਟ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਲਈ ਬੱਝੀ ਹੋਈ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਸਰਕਾਰ ਨੂੰ 15 ਦਿਨਾਂ ਦੀ ਨਿਰਧਾਰਿਤ ਮਿਆਦ ਅੰਦਰ ਡੀਏ ਦਾ ਬਕਾਇਆ ਜਾਰੀ ਕਰਨਾ ਹੋਵੇਗਾ।






