Tuesday, August 11, 2026
Home Punjab Ludhiana ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ: ਅਨਿਲ...

ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ: ਅਨਿਲ ਠਾਕੁਰ

0
1

ਪੰਜਾਬ ਵਿੱਚ ਵਪਾਰੀਆਂ ਦੀਆਂ 7,000 ਸ਼ਿਕਾਇਤਾਂ ’ਚੋਂ 6,000 ਸ਼ਿਕਾਇਤਾਂ ਦਾ ਹੋ ਚੁੱਕਾ ਹੈ ਨਿਪਟਾਰਾ: ਵਾਈਸ ਚੇਅਰਮੈਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ

ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਸੇਵਾਵਾਂ ਦੇਣ ਲਈ ਵਚਨਬੱਧ: ਅਨਿਲ ਠਾਕੁਰ

ਲੁਧਿਆਣਾ: ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਅੱਜ ਬੱਚਤ ਭਵਨ, ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪੀ.ਐਸ.ਟੀ.ਸੀ. ਪੋਰਟਲ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕਰਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ. ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਮੰਚ ਹੈ ਅਤੇ ਪੋਰਟਲ ’ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ਦੀ ਸੂਰਤ ਵਿੱਚ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਸ੍ਰੀਮਤੀ ਸ਼ਿਖਾ ਭਗਤ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ. ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ, ਜਦਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬਾਜ਼ਾਰਾਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਇੱਕ ਸਾਲ ਦੌਰਾਨ ਇਨ੍ਹਾਂ ਮੀਟਿੰਗਾਂ ਰਾਹੀਂ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ-ਵਾਰ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਹੋਣ ਨਾਲ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਵੇਗਾ ਅਤੇ ਪੰਜਾਬ ਵਿੱਚ ਵਪਾਰ ਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਸਿਰਜੇਗਾ।

ਇਸ ਮੀਟਿੰਗ ਵਿੱਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ੍ਰੀ ਪਰਮਪਾਲ ਸਿੰਘ ਬਾਵਾ, ਵਾਈਸ ਚੇਅਰਮੈਨ ਸ੍ਰੀ ਰੋਹਿਤ ਵਰਮਾ, ਸਹਾਇਕ ਕਮਿਸ਼ਨਰ ਸ੍ਰੀਮਤੀ ਪਾਇਲ ਗੋਇਲ, ਡੀ.ਸੀ.ਐਸ.ਟੀ ਲੁਧਿਆਣਾ ਸ੍ਰੀਮਤੀ ਰਣਧੀਰ ਕੌਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੱਛਮੀ ਸ੍ਰੀ ਕੁਲਦੀਪ ਬਾਵਾ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਨਗਰ ਨਿਗਮ ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੇ ਜਸਦੇਵ ਸਿੰਘ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here