ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਗਊਸ਼ਾਲਾਵਾਂ ਲਈ ਵੱਡਾ ਲੋਕ-ਹਿਤੈਸ਼ੀ ਫ਼ੈਸਲਾ ਲੈਂਦਿਆਂ 152 ਹੋਰ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਵਿੱਚ ਕੁੱਲ 518 ਗਊਸ਼ਾਲਾਵਾਂ ਨੂੰ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਗਊਸ਼ਾਲਾਵਾਂ ਤੋਂ ਬਿਜਲੀ ਦਾ ਕੋਈ ਵੀ ਬਿੱਲ ਨਹੀਂ ਲਿਆ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਊਸ਼ਾਲਾਵਾਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰਕੇ ਮਨੁੱਖਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਊਆਂ ਦੀ ਸਹੀ ਦੇਖਭਾਲ ਅਤੇ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧ ਲਈ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਊ ਸੇਵਾ ਸਭ ਤੋਂ ਵੱਡੀ ਪੂਜਾ ਹੈ ਅਤੇ ਇਸ ਕੰਮ ਨਾਲ ਜੁੜੀਆਂ ਸੰਸਥਾਵਾਂ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਮੁੱਖ ਮੰਤਰੀ ਨੇ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾਵਾਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰਕੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਗਊਸ਼ਾਲਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ।






