ਸੁਨਾਮ ਊਧਮ ਸਿੰਘ ਵਾਲਾ: ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਸੁਖਾਵਾਂ ਮਾਹੌਲ ਬਣ ਗਿਆ, ਜਦੋਂ ਸ੍ਰੀ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕੀਤੀ।
ਸੁਰੱਖਿਆ ਪ੍ਰਬੰਧਾਂ ਤਹਿਤ ਬੈਰੀਕੇਡਿੰਗ ਅਤੇ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਮੌਜੂਦ ਸਨ। ਇਸ ਦੇ ਬਾਵਜੂਦ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ “ਕੋਈ ਬੈਰੀਕੇਡਿੰਗ ਨਹੀਂ ਲਾਉਣੀ ਅਤੇ ਪਾਣੀ ਦੀਆਂ ਬੁਛਾੜਾਂ ਵਾਲੀ ਗੱਡੀ ਦੀ ਵਰਤੋਂ ਨਹੀਂ ਕਰਨੀ। ਇਹ ਸਾਰੇ ਮੇਰੇ ਭਰਾ ਹਨ। ਮੈਂ ਖੁਦ ਇਨ੍ਹਾਂ ਨਾਲ ਬੈਠ ਕੇ ਗੱਲ ਕਰਾਂਗਾ ਅਤੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ।”
ਮੰਤਰੀ ਦੇ ਇਸ ਰਵੱਈਏ ਨਾਲ ਧਰਨੇ ਵਾਲੀ ਥਾਂ ’ਤੇ ਮੌਜੂਦ ਮੁਲਾਜ਼ਮਾਂ ਵਿੱਚ ਵੀ ਸਕਾਰਾਤਮਕ ਭਾਵਨਾ ਦੇਖਣ ਨੂੰ ਮਿਲੀ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਜਾਇਜ਼ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਦਾ ਵਫ਼ਦ ਸ੍ਰੀ ਅਮਨ ਅਰੋੜਾ ਨਾਲ ਵਿਸਥਾਰਪੂਰਵਕ ਗੱਲਬਾਤ ਲਈ ਅੰਦਰ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦਾ ਮਾਹੌਲ ਸੁਖਾਵਾਂ ਅਤੇ ਉਸਾਰੂ ਰਿਹਾ ਅਤੇ ਦੋਵਾਂ ਪੱਖਾਂ ਨੇ ਮਸਲਿਆਂ ਦਾ ਹੱਲ ਗੱਲਬਾਤ ਅਤੇ ਆਪਸੀ ਸਹਿਯੋਗ ਰਾਹੀਂ ਕੱਢਣ ’ਤੇ ਜ਼ੋਰ ਦਿੱਤਾ।
ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ। ਮੁਲਾਜ਼ਮ ਆਗੂਆਂ ਨੇ ਮੰਤਰੀ ਵੱਲੋਂ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਪਹਿਲ ਨੂੰ ਸਕਾਰਾਤਮਕ ਕਦਮ ਦੱਸਿਆ।
ਇਸ ਮੌਕੇ ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਵੱਲੋਂ ਵੀ ਮੰਤਰੀ ਦੇ ਇਸ ਰਵੱਈਏ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਨਾਲ ਟਕਰਾਅ ਦੀ ਬਜਾਏ ਸਿੱਧੀ ਗੱਲਬਾਤ ਰਾਹੀਂ ਸਥਿਤੀ ਨੂੰ ਸੁਖਾਵੇਂ ਢੰਗ ਨਾਲ ਸੰਭਾਲਣਾ ਇੱਕ ਚੰਗੀ ਪਹਿਲ ਹੈ।
ਇਸ ਦੌਰਾਨ ਸ੍ਰੀ ਅਮਨ ਅਰੋੜਾ ਵੱਲੋਂ ਧਰਨੇ ’ਤੇ ਬੈਠੇ ਮੁਲਾਜ਼ਮਾਂ ਲਈ ਠੰਢੇ ਪਾਣੀ ਦੀ ਛਬੀਲ ਅਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਇਸ ਨਾਲ ਧਰਨੇ ਦੌਰਾਨ ਆਪਸੀ ਸਤਿਕਾਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੋਈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਆਪਣੀ ਗੱਲ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣਾ ਹਰ ਨਾਗਰਿਕ ਅਤੇ ਮੁਲਾਜ਼ਮ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ, ਸਹਿਯੋਗ ਅਤੇ ਆਪਸੀ ਭਰੋਸੇ ਨਾਲ ਕੱਢਿਆ ਜਾ ਸਕਦਾ ਹੈ। ਮੁਲਾਜ਼ਮ ਪੰਜਾਬ ਸਰਕਾਰ ਅਤੇ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਸ੍ਰੀ ਅਮਨ ਅਰੋੜਾ ਵੱਲੋਂ ਧਰਨਾਕਾਰੀਆਂ ਕੋਲ ਖੁਦ ਪਹੁੰਚ ਕੇ ਗੱਲਬਾਤ ਕਰਨ ਅਤੇ ਬੈਰੀਕੇਡਿੰਗ ਤੇ ਪਾਣੀ ਦੀਆਂ ਬੁਛਾੜਾਂ ਦੀ ਬਜਾਏ ਸੰਵਾਦ ਨੂੰ ਤਰਜੀਹ ਦੇਣ ਦੀ ਪਹਿਲ ਨੂੰ ਗੱਲਬਾਤ ਰਾਹੀਂ ਮਸਲਿਆਂ ਦੇ ਹੱਲ ਅਤੇ ਰਾਜਨੀਤਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।






