ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲੀਸ ਵੱਲੋਂ ਕਥਿਤ ਤੌਰ ’ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਰਿਆਣਾ ਸਰਕਾਰ ਵੱਲੋਂ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਪੁਲੀਸ ਕਾਰਵਾਈ ਕਰਨਾ ਬੇਹੱਦ ਮੰਦਭਾਗਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੇ ਸਰਕਾਰ ਚਾਹੁੰਦੀ ਤਾਂ ਮਾਮਲੇ ਨੂੰ ਗੱਲਬਾਤ ਅਤੇ ਸੂਝਬੂਝ ਨਾਲ ਹੱਲ ਕੀਤਾ ਜਾ ਸਕਦਾ ਸੀ। ਜਦੋਂ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ ਤਾਂ ਉਸੇ ਦੌਰਾਨ ਸਿੱਖ ਸੰਗਤ ’ਤੇ ਬਲ ਦੀ ਵਰਤੋਂ ਕਿਉਂ ਕੀਤੀ ਗਈ, ਇਸ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰ ਅਤੇ ਮੁਲਾਜ਼ਮ, ਸਿੱਖ ਸੰਗਤ ਦੇ ਲੋਕ ਅਤੇ ਪੁਲੀਸ ਜਵਾਨ ਵੀ ਜ਼ਖ਼ਮੀ ਹੋਏ ਹਨ। ਜਥੇਦਾਰ ਗੜਗੱਜ ਨੇ ਸ੍ਰੀ ਝੀਂਡਾ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਹੋਰ ਜ਼ਖ਼ਮੀ ਸਿੱਖਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।
ਸ੍ਰੀ ਝੀਂਡਾ ਨੇ ਜਥੇਦਾਰ ਨੂੰ ਦੱਸਿਆ ਕਿ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੇ ਬਾਵਜੂਦ ਪੁਲੀਸ ਵੱਲੋਂ ਸਿੱਖ ਸੰਗਤ ’ਤੇ ਕਾਰਵਾਈ ਕਰਨਾ ਠੀਕ ਨਹੀਂ ਸੀ। ਇਸ ਮਾਮਲੇ ਨੂੰ ਲੈ ਕੇ ਜਥੇਦਾਰ ਨੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਇਹ ਵੀ ਸਵਾਲ ਉਠਾਇਆ ਕਿ ਕਿਤੇ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਜਾਂ ਪੁਲੀਸ ਨੂੰ ਉਕਸਾਉਣ ਲਈ ਕਿਸੇ ਸ਼ਰਾਰਤੀ ਅਨਸਰ ਵੱਲੋਂ ਧਰਨੇ ਵਿੱਚ ਘੁਸਪੈਠ ਕਰਕੇ ਗਲਤ ਕਾਰਵਾਈਆਂ ਤਾਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਪੱਖ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਨੂੰ ਗੱਡੀ ਨਾਲ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਮੌਜੂਦਾ ਸਥਿਤੀ ਪੈਦਾ ਹੋਣ ਤੋਂ ਬਚਿਆ ਜਾ ਸਕਦਾ ਸੀ।
ਜਥੇਦਾਰ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਨੂੰ ਗੱਡੀ ਨਾਲ ਜ਼ਖ਼ਮੀ ਕਰਨ ਵਾਲਿਆਂ ਵਿਰੁੱਧ ਵੀ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ ਅਤੇ ਟਕਰਾਅ ਵਾਲੀ ਸਥਿਤੀ ਪੈਦਾ ਕਰਨ ਤੋਂ ਬਚਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਅਤੇ ਸੰਗਠਿਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਜਾਬਤੇ ਵਿੱਚ ਰਹਿ ਕੇ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਧਰਨਿਆਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਦੀ ਸ਼ਮੂਲੀਅਤ ਨੂੰ ਯਕੀਨੀ ਤੌਰ ’ਤੇ ਰੋਕਿਆ ਜਾਵੇ।






