ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਡਰੱਗ ਮਨੀ ਅਤੇ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ—ਇੱਕ 9 ਐਮਐਮ ਅਤੇ ਇੱਕ .30 ਬੋਰ—ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿੱਚ ਬਣੇ 34 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੀ ਮਿਲੀਭੁਗਤ ਨਾਲ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰ ਰਹੇ ਸਨ। ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ।
ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਪਹਿਲਾਂ ਡਰੱਗ ਮਨੀ ਅਤੇ ਕਾਰਤੂਸ ਬਰਾਮਦ ਕੀਤੇ ਗਏ। ਬਾਅਦ ਵਿੱਚ ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਦੇ ਖੁਲਾਸੇ ’ਤੇ ਦੋ ਪਿਸਤੌਲ, ਜਦਕਿ ਜਸਕਿੰਦਰ ਸਿੰਘ ਅਤੇ ਹਰਪਾਲ ਸਿੰਘ ਦੇ ਖੁਲਾਸੇ ’ਤੇ 1.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਰੇ ਦੋਸ਼ੀ ਇੱਕੋ ਪਰਿਵਾਰ ਨਾਲ ਸਬੰਧਤ ਹਨ। ਹਰਪਾਲ ਸਿੰਘ ਅਤੇ ਗੁਰਮੁਖ ਸਿੰਘ ਭਰਾ ਹਨ, ਜਦਕਿ ਜਸਕਿੰਦਰ ਸਿੰਘ ਉਰਫ਼ ਸਿਕੰਦਰ ਅਤੇ ਸੁਖਦੀਪ ਸਿੰਘ ਉਨ੍ਹਾਂ ਦੇ ਭਤੀਜੇ ਹਨ। ਚਾਰਾਂ ਦੀ ਉਮਰ 19 ਤੋਂ 33 ਸਾਲ ਦਰਮਿਆਨ ਹੈ ਅਤੇ ਪਹਿਲਾਂ ਕੋਈ ਅਪਰਾਧਿਕ ਪਿਛੋਕੜ ਨਹੀਂ ਮਿਲਿਆ।







