ਪਟਿਆਲਾ: ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ।
ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼, ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਗਏ। ਅਧਿਕਾਰੀਆਂ ਨੂੰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਨੂੰ ਰੋਕਣ, ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਦੂਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਆਸਥਾ ਬੱਗਾ ਅਤੇ ਐਡਵੋਕੇਟ ਗਗਨ ਕੌਰ ਵੱਲੋਂ ਵਿਸ਼ੇਸ਼ ਪ੍ਰਜ਼ੈਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਕੋਟਪਾ ਐਕਟ ਦੇ ਪ੍ਰਬੰਧਾਂ, ਤੰਬਾਕੂ ਦੀ ਵਰਤੋਂ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਕੰਟਰੋਲ ਲਈ ਵੱਖ-ਵੱਖ ਵਿਭਾਗਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੰਬਾਕੂ ਕੰਟਰੋਲ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਲਈ ਸਿਰਫ਼ ਸਿਹਤ ਵਿਭਾਗ ਹੀ ਨਹੀਂ, ਸਗੋਂ ਸਾਰੇ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ।
ਮੀਟਿੰਗ ਦੌਰਾਨ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਨੂੰ ਸਫ਼ਲ ਬਣਾਉਣ ਵਿੱਚ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।






