ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿੱਚ ਵਿਧਵਾ ਔਰਤ ਨਾਲ ਜਬਰਦਸਤੀ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਸਖ਼ਤ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਦੋਸ਼ੀ ਸਾਬਤ ਹੋਏ ਏਐਸਆਈ ਗੁਰਵਿੰਦਰ ਸਿੰਘ ਨੂੰ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ 10-10 ਹਜ਼ਾਰ ਰੁਪਏ ਦੇ ਦੋ ਜੁਰਮਾਨੇ ਵੀ ਲਗਾਏ ਗਏ ਹਨ। ਪੀੜਤਾ ਦੇ ਵਕੀਲ ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਅਨੁਸਾਰ ਦੋਵੇਂ ਸਜ਼ਾਵਾਂ ਜ਼ਿੰਦਗੀ ਦੇ ਆਖ਼ਰੀ ਸਾਹ ਤੱਕ ਇਕੱਠੇ ਚੱਲਣਗੀਆਂ।
ਅਦਾਲਤ ਨੇ ਇਸ ਮਾਮਲੇ ਨੂੰ ਬਹੁਤ ਹੀ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਕਾਨੂੰਨ ਦੇ ਰੱਖਿਅਕ ਵੱਲੋਂ ਕੀਤਾ ਗਿਆ ਇਹ ਅਪਰਾਧ ਸਮਾਜ ਲਈ ਘਾਤਕ ਹੈ। ਫ਼ੈਸਲੇ ਤੋਂ ਬਾਅਦ ਪੁਲਿਸ ਹਲਕਿਆਂ ਵਿੱਚ ਇਸ ਮਾਮਲੇ ਦੀ ਚਰਚਾ ਰਹੀ ਅਤੇ ਇਸ ਨੂੰ ਪੰਜਾਬ ਪੁਲਿਸ ਦੀ ਛਵੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਮਈ 2021 ਵਿੱਚ ਪੀੜਤਾ ਦੇ ਪੁੱਤਰ ਖ਼ਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਇਸ ਕੇਸ ਦੀ ਆੜ ਵਿੱਚ ਤਤਕਾਲੀਨ ਸੀਆਈਏ ਸਟਾਫ਼ ਬਠਿੰਡਾ ਵਿੱਚ ਤਾਇਨਾਤ ਏਐਸਆਈ ਗੁਰਵਿੰਦਰ ਸਿੰਘ ਨੇ ਵਿਧਵਾ ਔਰਤ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿੱਚ ਉਸਨੂੰ ਤੰਗ ਪਰੇਸ਼ਾਨ ਕਰਦਾ ਰਿਹਾ।
ਪੀੜਤਾ ਨੇ ਹਿੰਮਤ ਦਿਖਾਉਂਦਿਆਂ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਇਸ ਤੋਂ ਬਾਅਦ ਥਾਣਾ ਨਥਾਣਾ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਵਿਭਾਗ ਵੱਲੋਂ ਬਰਖਾਸਤ ਕਰ ਦਿੱਤਾ ਗਿਆ।
ਕੇਸ ਦੀ ਸੁਣਵਾਈ ਦੌਰਾਨ ਪੀੜਤਾ ਅਤੇ ਗਵਾਹਾਂ ’ਤੇ ਦਬਾਅ ਪਾਏ ਜਾਣ ਦੇ ਦੋਸ਼ ਵੀ ਸਾਹਮਣੇ ਆਏ। ਗਵਾਹਾਂ ਅਨੁਸਾਰ ਉਨ੍ਹਾਂ ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਅਤੇ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ, ਪਰ ਉਹ ਡਟੇ ਰਹੇ।
ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਆਮ ਲੋਕਾਂ ਦਾ ਨਿਆਂ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਾਬਤ ਕੀਤਾ ਹੈ ਕਿ ਕਾਨੂੰਨ ਸਭ ਲਈ ਇਕਸਾਂ ਹੈ ਅਤੇ ਦੋਸ਼ੀ ਭਾਵੇਂ ਕੋਈ ਵੀ ਹੋਵੇ, ਉਸਨੂੰ ਸਜ਼ਾ ਮਿਲਦੀ ਹੈ।






